ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਚਾਨਕ ਦਿੱਲੀ ਹਵਾਈ ਅੱਡੇ ‘ਤੇ ਪਹੁੰਚੇ ਜਿਥੇ ਉਹਨਾਂ ਵਲੋਂ ਹਵਾਈ ਅੱਡੇ ‘ਤੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਤੋਂ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਸਾਰੀ ਜਾਣਕਾਰੀ ਵੀ ਲਈ ਗਈ ਹੈ। ਇਸ ਮੌਕੇ ਯਾਤਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੀ ਜਾਣਕਾਰੀ ਲੈਣ ਮਗਰੋਂ ਉਨ੍ਹਾਂ ਨੇ ਇਹ ਬਿਆਨ ਦਿੱਤਾ ਹੈ ਕਿ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਦਾ ਜਲਦ ਹੱਲ ਕੀਤਾ ਜਾਵੇਗਾ।
ਨਾਲ ਹੀ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮਾਂਤਰੀ ਹਵਾਈ ਅੱਡੇ ‘ਤੇ ਜਲਦ ਪੰਜਾਬ ਹੈਲਪ ਡੈਸਕ ਬਣਾਉਣ ਦੀ ਵੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਹੈਲਪ ਡੈਸਕ ਪੰਜਾਬੀਆਂ ਦੀ ਹਰ ਮੁਸ਼ਕਲ ਨੂੰ ਦੂਰ ਕਰੇਗਾ। ਇਸ ਦੌਰਾਨ ਉਨ੍ਹਾਂ ਨੇ PRTC ਦੀਆਂ ਵੋਲਵੋ ਬੱਸਾਂ ਦਾ ਵੀ ਫੀਡਬੈਕ ਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਲਈ ਵਾਲਵੋ ਬੱਸਾਂ ਸ਼ੁਰੂ ਕੀਤੀਆਂ ਗਈਆਂ ਸਨ। ਇਨ੍ਹਾਂ ਦਾ ਕਿਰਾਇਆ ਨਿੱਜੀ ਬੱਸਾਂ ਨਾਲੋਂ ਬਹੁਤ ਜ਼ਿਆਦਾ ਘੱਟ ਹੋਣ ਕਾਰਨ ਲੋਕਾਂ ਨੂੰ ਕਾਫੀ ਲਾਭ ਮਿਲ ਰਿਹਾ ਹੈ।