ਜਿਥੇ ਇਕ ਪਾਸੇ ਪੰਜਾਬ ਪੁਲਿਸ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੱਭਣ ਲਈ ਹਰ ਥਾਂ ਛਾਪੇ ਮਾਰ ਰਹੀ ਹੈ ਉਥੇ ਹੀ ਬੀਤੇ ਕੱਲ੍ਹ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਰੋਕ ਲਿਆ ਗਿਆ। ਦਰਅਸਲ, ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਲੰਡਨ ਲਈ ਰਵਾਨਾ ਹੋਣ ਵਾਲੀ ਸੀ ਪਰ ਇਸੇ ਦਰਮਿਆਨ ਉਹਨਾਂ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਰੋਕ ਲਿਆ ਗਿਆ।
ਜਿਸ ਤੋਂ ਬਾਅਦ ਇਸ ਮਾਮਲੇ ‘ਤੇ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਦੇ ਘਰ ਜਾ ਕੇ ਉਸਦੀ ਪਤਨੀ ਕੋਲੋਂ ਪੁੱਛਗਿੱਛ ਕਰ ਚੁੱਕੀ ਹੈ। ਜੇਕਰ ਕਿਰਨਦੀਪ ਕੌਰ ਆਪਣੇ ਘਰ ਜਾਣਾ ਚਾਹੁੰਦੀ ਹੈ ਤਾਂ ਉਸ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ। ਉਸ ਨੂੰ ਰੋਕਣਾ ਠੀਕ ਨਹੀਂ ਹੈ। ਜਥੇਦਾਰ ਨੇ ਕਿਹਾ ਹੈ ਕਿ ਪਤਾ ਨਹੀਂ ਕਿਉਂ ਸਰਕਾਰ ਇਸ ਤਰਾਂ ਦਾ ਮਾਹੌਲ ਸਿਰਜ ਰਹੀ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਕਿਰਨਦੀਪ ਕੌਰ ਦਾ ਕੋਈ ਕਸੂਰ ਨਹੀਂ ਹੈ ਤਾਂ ਉਸ ਨੂੰ ਕਿਉਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਪੁੱਛਗਿਛ ਦੇ ਨਾਂ ‘ਤੇ ਕੁੜੀ ਨਾਲ ਸਰਕਾਰ ਦਾ ਇਹ ਰਵੱਈਆ ਠੀਕ ਨਹੀਂ ਹੈ।
ਇਥੇ ਦੱਸਣਯੋਗ ਹੈ ਕਿ ਬੀਤੇ ਦਿਨ ਅੰਮ੍ਰਿਤਪਾਲ ਸਿੰਘ ਦੀ ਪਤਨੀ ਤੋਂ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਪੁੱਛਗਿੱਛ ਕਰਨ ਤੋਂ ਬਾਅਦ ਉਹਨਾਂ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਜਿਸ ਕਾਰਨ ਉਹ ਘਰ ਪਰਤ ਆਈ ਸੀ।