ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਰਸਮੀ ਤੌਰ ‘ਤੇ ਮੁਲਾਕਾਤ ਕੀਤੀ । ਦਸ ਦਈਏ ਕਿ ਅਜਨਾਲਾ ਘਟਨਾਕ੍ਰਮ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਜਥੇਦਾਰ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ ਕਈ ਮਾਈਨੇ ਰੱਖਦੀ ਹੈ।
ਮੀਟਿੰਗ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਪੱਤਰਕਾਰਾਂ ਦੇ ਰੁਬਰੂ ਹੋਏ ਅਤੇ ਉਹਨਾਂ ਕਿਹਾ ਕਿ ਜਥੇਦਾਰ ਹਰਪ੍ਰੀਤ ਸਿੰਘ ਨਾਲ ਪੰਥਕ ਮੁੱਦਿਆਂ ਨੂੰ ਲੈਕੇ ਗੱਲਬਾਤ ਕੀਤੀ ਗਈ ਹੈ। ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਲੈਕੇ ਵੀ ਵਿਚਾਰ ਚਰਚਾ ਕੀਤੀ ਗਈ ਹੈ।
ਇਥੇ ਦਸ ਦਈਏ ਕਿ ਅਜਨਾਲਾ ਥਾਣਾ ਵਿਖੇ ਪ੍ਰਦਰਸ਼ਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਬੱਸ ਵਾਲੀ ਪਾਲਕੀ ‘ਚ ਲੈ ਕੇ ਜਾਣ ਤੋਂ ਬਾਅਦ ਵੱਡਾ ਵਿਵਾਦ ਛਿੜ ਗਿਆ ਸੀ। ਇਸ ਵਿਵਾਦ ਤੋਂ ਬਾਅਦ ਜਥੇਦਾਰ ਵਲੋਂ ਧਰਨੇ, ਪ੍ਰਦਰਸ਼ਨ ਤੇ ਝਗੜੇ ਵਾਲੀਆਂ ਥਾਵਾਂ ‘ਤੇ ਪਾਵਨ ਸਰੂਪ ਨੂੰ ਲਿਜਾਉਣ ਸਬੰਧੀ 16 ਮੈਂਬਰੀ ਸਬ ਕਮੇਟੀ ਬਣਾਈ ਗਈ। ਕਮੇਟੀ ਨੂੰ 15 ਦਿਨਾਂ ਦੇ ਅੰਦਰ ਰਿਪੋਰਟ ਪੇਸ਼ ਕਰਨ ਲਈ ਆਦੇਸ਼ ਵੀ ਦਿੱਤਾ ਗਿਆ ਹੈ।