‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਲਗਾਤਾਰ ਪੁਲਿਸ ਦੀ ਗ੍ਰਿਫ਼ਤ ‘ਚੋਂ ਬਾਹਰ ਚੱਲ ਰਿਹਾ ਹੈ। ਪੰਜਾਬ ਦੇ ਨਾਲ ਨਾਲ ਹੁਣ ਰਾਜਸਥਾਨ ਦੇ ਵਿਚ ਵੀ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਵੱਡਾ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਕਿਉਂਕਿ ਕੇਂਦਰੀ ਏਜੰਸੀਆਂ ਤੋਂ ਇਨਪੁਟਸ ਮਿਲੇ ਹਨ ਕਿ ਅੰਮ੍ਰਿਤਪਾਲ ਸਿੰਘ ਦੇ ਰਾਜਸਥਾਨ ‘ਚ ਲੁਕੇ ਹੋਣ ਦਾ ਖ਼ਦਸ਼ਾ ਹੈ। ਇਸ ਦੌਰਾਨ ਰਾਜਸਥਾਨ ਦੇ ਡੀਜੀਪੀ ਉਮੇਸ਼ ਮਿਸ਼ਰਾ ਨੇ ਮੀਡੀਆ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੇਂਦਰੀ ਏਜੰਸੀਆਂ ਦੇ ਇਨਪੁਟਸ ਤੋਂ ਬਾਅਦ ਗੰਗਾਨਗਰ-ਹਨੂਮਾਨਗੜ੍ਹ ਖੇਤਰ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਲੈਕੇ ਇੱਕ ਖਾਸ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।
ਡੀਜੀਪੀ ਉਮੇਸ਼ ਮਿਸ਼ਰਾ ਦਾ ਦਾਅਵਾ ਹੈ ਕਿ ਇਸ ਵੱਡੇ ਸਰਚ ਆਪ੍ਰੇਸ਼ਨ ਨੂੰ ਖ਼ੁਫ਼ੀਆ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ, ਉਨ੍ਹਾਂ ਦੱਸਿਆ ਕਿ ਇਸ ਪੂਰਾ ਆਪ੍ਰੇਸ਼ਨ ਵਿੱਚ ਪੁਲਿਸ ਅਤੇ ਹੋਰ ਏਜੰਸੀਆਂ ਨੂੰ ਕੁਝਕੁ ਸਫਲਤਾ ਵੀ ਹਾਸਿਲ ਹੋਈ ਹੈ। ਉਨ੍ਹਾਂ ਕਿਹਾ ਪਰ ਆਪ੍ਰੇਸ਼ਨ ਪੂਰਾ ਹੋਣ ਤੋਂ ਪਹਿਲਾਂ ਜਾਣਕਾਰੀ ਨੂੰ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਨੂੰਮਾਨਗੜ੍ਹ-ਗੰਗਾਨਗਰ ਇਲਾਕੇ ਵਿੱਚ ਇਹ ਵੱਡਾ ਸਰਚ ਆਪ੍ਰੇਸ਼ਨ ਪੰਜਾਬ ਪੁਲਿਸ, ਰਾਜਸਥਾਨ ਪੁਲਿਸ ਅਤੇ ਕੇਂਦਰੀ ਏਜੰਸੀਆਂ ਵੱਲੋਂ ਸਾਂਝੇ ਤੌਰ ‘ਤੇ ਚਲਾਇਆ ਜਾ ਰਿਹਾ ਹੈ।