ਲੰਘੀ 23 ਫਰਵਰੀ ਨੂੰ ਅਜਨਾਲਾ ‘ਚ ਵਾਪਰੀ ਹਿੰਸਕ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਲਗਾਤਾਰ ਸਿਆਸੀ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਸਿਆਸੀ ਆਗੂਆਂ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਹੋ ਮੁੱਦਾ ਅੱਜ ਪੰਜਾਬ ਵਿਧਾਨ ਸਭਾ ‘ਚ ਚੁੱਕਿਆ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੰਮ੍ਰਿਤਪਾਲ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਅੰਮ੍ਰਿਤਪਾਲ ਦੇ ਸਲਾਹਕਾਰ ਲਾਹੌਰ ਜਾਂਦੇ ਹਨ ਅਤੇ ਆਈ. ਐੱਸ. ਆਈ. ਦੇ ਨਾਲ ਸਾਡੇ ਦੇਸ਼ ਵਿਚਲੀਆਂ ਕੁੱਝ ਏਜੰਸੀਆਂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ, ਜਿਸ ਨੂੰ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਜਿੰਨੀ ਜਲਦੀ ਹੋ ਸਕੇ ਗ੍ਰਿਫ਼ਤਾਰ ਕੀਤਾ ਜਾਵੇ, ਅਸੀਂ ਸਰਕਾਰ ਦੇ ਨਾਲ ਹਾਂ।
ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਕੇ ਕੁੱਝ ਲੋਕ ਇੱਥੇ ਗਵਰਨਰ ਰਾਜ ਲਾਗੂ ਕਰਨਾ ਚਾਹੁੰਦੇ ਹਨ ਪਰ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ ਅਤੇ ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਹੀ ਲੋਕਾਂ ਦੇ ਸਾਰੇ ਕੰਮ ਕਰੇਗੀ। ਰਾਜਾ ਵੜਿੰਗ ਨੇ ਅਜਨਾਲੇ ਦੀ ਘਟਨਾ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਇਸ ਘਟਨਾ ਨੇ ਉਨ੍ਹਾਂ ਦੇ ਮਨ ਨੂੰ ਡੂੰਘੀ ਸੱਟ ਪਹੁੰਚਾਈ ਹੈ।