ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਹੁੰਦੇ ਗੁਰਬਾਣੀ ਦੇ ਪ੍ਰਸਾਰਣ ਲਈ ਆਪਣਾ ਸੈਟੇਲਾਈਟ ਚੈਨਲ ਸਥਾਪਤ ਕਰਨ ਦੇ ਸਬੰਧ ਵਿੱਚ SGPC ਦੇ ਇੱਕ ਵਫ਼ਦ ਨੇ ਮੰਗਲਵਾਰ ਨੂੰ ਦਿੱਲੀ ਵਿੱਚ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਾਲੇ ਵਫ਼ਦ ਨੇ ਮੰਤਰੀ ਠਾਕੁਰ ਨੂੰ ਇੱਕ ਪੱਤਰ ਵੀ ਸੌਂਪਿਆ, ਜਿਸ ਵਿੱਚ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਸੈਟੇਲਾਈਟ ਚੈਨਲ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਗਈ।
ਧਾਮੀ ਨੇ ਕਿਹਾ ਕਿ ਸਿੱਖ ਧਾਰਮਿਕ ਸੰਸਥਾ ਵੱਲੋਂ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਤੋਂ ਬਾਅਦ ਸੈਟੇਲਾਈਟ ਚੈਨਲ ਸਥਾਪਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਧਾਮੀ ਨੇ ਇੱਕ ਬਿਆਨ ਵਿੱਚ ਕਿਹਾ, “ਕੇਂਦਰੀ ਮੰਤਰੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਇਸ ਪ੍ਰਕਿਰਿਆ ਨੂੰ ਜਲਦੀ ਪੂਰਾ ਕੀਤਾ ਜਾ ਸਕੇ। ਚੈਨਲ ਸਥਾਪਤ ਕਰਨ ਲਈ ਦੁਨੀਆ ਭਰ ਦੀਆਂ ‘ਸੰਗਤਾਂ’ ਦੀ ਲੰਬੇ ਸਮੇਂ ਤੋਂ ਮੰਗ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਨੂੰ ਪੂਰਾ ਕਰਨ ਲਈ ਵਚਨਬੱਧ ਹੈ।”
ਬਿਆਨ ਵਿੱਚ ਕਿਹਾ ਗਿਆ ਹੈ ਕਿ ਮੰਤਰੀ ਠਾਕੁਰ ਨੇ ਵਫ਼ਦ ਨੂੰ ਇਸ ਪ੍ਰਕਿਰਿਆ ਨੂੰ ਗੰਭੀਰਤਾ ਨਾਲ ਅੱਗੇ ਵਧਾਉਣ ਦਾ ਭਰੋਸਾ ਦਿੱਤਾ। ਦਸ ਦਈਏ ਕਿ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਅਤੇ ਮੈਂਬਰ ਰਜਿੰਦਰ ਸਿੰਘ ਮਹਿਤਾ, ਕੁਲਵੰਤ ਸਿੰਘ ਮੰਨਣ ਅਤੇ ਸਰਵਣ ਸਿੰਘ ਕੁਲਾਰ ਵੀ ਸ਼ਾਮਲ ਸਨ। ਮੀਟਿੰਗ ਦੌਰਾਨ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਸੋਮਵਾਰ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਲਈ ਆਪਣਾ ਯੂ-ਟਿਊਬ ਚੈਨਲ ਲਾਂਚ ਕੀਤਾ ਸੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਪੀਟੀਸੀ ਚੈਨਲ, ਜੋ ਕਿ ਅਕਸਰ ਬਾਦਲ ਪਰਿਵਾਰ ਨਾਲ ਜੋੜਿਆ ਜਾਂਦਾ ਹੈ, ਨੂੰ ਆਪਣੇ ਟੀਵੀ ਚੈਨਲ ‘ਤੇ ਚਲਾਏ ਰੱਖਣ ਲਈ ਕਿਹਾ ਜਿੰਨਾ ਚਿਰ SGPC ਆਪਣਾ ਸੈਟੇਲਾਈਟ ਚੈਨਲ ਨਹੀਂ ਬਣਾ ਲੈਂਦੀ। ਇਸ ਅਪੀਲ ਤੋਂ ਬਾਅਦ, ਨਿੱਜੀ ਚੈਨਲ ਨੇ ਇਸ ਲਈ ਸਹਿਮਤੀ ਦੇ ਦਿੱਤੀ ਸੀ।
SGPC ਦਾ PTC ਚੈਨਲ ਨਾਲ ਸਮਝੌਤਾ ਐਤਵਾਰ ਨੂੰ ਖਤਮ ਹੋ ਗਿਆ ਸੀ। ‘ਆਪ’ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਐਸਜੀਪੀਸੀ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਨੂੰ ਲੈ ਕੇ ਆਪਸ ਵਿੱਚ ਭਿੜ ਗਈ ਹੈ। ਜਦੋਂ ਕਿ ਸ਼੍ਰੋਮਣੀ ਕਮੇਟੀ ਦਾ ਦਾਅਵਾ ਹੈ ਕਿ ਗੁਰਬਾਣੀ ਦੇ ਪ੍ਰਸਾਰਣ ਅਧਿਕਾਰ ਕੇਵਲ ਸਰਵਉੱਚ ਸਿੱਖ ਸੰਸਥਾ SGPC ਲਈ ਰਾਖਵੇਂ ਹੋਣੇ ਚਾਹੀਦੇ ਹਨ। ਉਥੇ ਹੀ ਮੁੱਖ ਮੰਤਰੀ ਮਾਨ ਨੇ ਸਾਰੇ ਟੀਵੀ ਚੈਨਲਾਂ ‘ਤੇ ਇਸ ਦੇ ਮੁਫਤ ਪ੍ਰਸਾਰਣ ਦੀ ਮੰਗ ਕੀਤੀ ਹੈ।