ਆਮ ਆਦਮੀ ਪਾਰਟੀ ਦਾ ਪੰਜਾਬ ਸਰਕਾਰ ਵਜੋਂ ਇਕ ਸਾਲ ਪੂਰਾ ਹੋ ਚੁੱਕਾ ਹੈ। ਜਿਸ ਦੇ ਸਬੰਧ ਵਿਚ ਬੀਤੇ ਕੱਲ੍ਹ ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਵਧਾਈ ਦਿੱਤੀ ਸੀ। ਇਸ ਸਬੰਧ ਵਿਚ ਅੱਜ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਉਹਨਾਂ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ ਹਨ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰ ਪਹਿਲੇ ਦਿਨ ਤੋਂ ਲੈ ਕੇ ਪੰਜਾਬੀਆਂ ਦੇ ਹੱਕ ਵਿੱਚ ਕੰਮ ਕਰ ਰਹੀ ਹੈ ਅਤੇ ਵੱਡੇ ਮਹੱਤਪੂਰਨ ਫ਼ੈਸਲੇ ਲੈ ਰਹੀ ਹੈ। ਪਿਛਲੀਆਂ ਸਰਕਾਰਾਂ ਦੀ ਗੱਲ ਕਰਦਿਆਂ ਮੰਤਰੀ ਚੀਮਾ ਨੇ ਕਿਹਾ ਕਿ ਸਾਬਕਾ ਸਰਕਾਰਾਂ ਤਾਂ ਚਾਰ-ਸਾਢੇ 4 ਸਾਲ ਦੀ ਕਾਰਗੁਜ਼ਾਰੀ ਤੋਂ ਬਾਅਦ ਹੋਸ਼ ‘ਚ ਆਉਂਦੀਆਂ ਸਨ ਅਤੇ ਫਿਰ ਕੰਮ ਕਰਨਾ ਸ਼ੁਰੂ ਕਰਦੀਆਂ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਦਿਨ ਹੀ ਲੋਕ ਹਿੱਤਾਂ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ।
ਹਰਪਾਲ ਚੀਮਾ ਨੇ ਦੱਸਿਆ ਕਿ ਪਹਿਲੀ ਕੈਬਨਿਟ ‘ਚ ਸਰਕਾਰ ਨੇ ਕਰੀਬ 26 ਹਜ਼ਾਰ ਨੌਕਰੀਆਂ ਨੂੰ ਪ੍ਰਵਾਨਗੀ ਦਿੱਤੀ। ਇਸ ਤੋਂ ਇਲਾਵਾ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਵੀ ਪਹਿਲੇ 3 ਮਹੀਨਿਆਂ ‘ਚ ਸਰਕਾਰ ਨੇ ਪੂਰਾ ਕੀਤਾ ਹੈ। ਨਾਲ ਹੀ ਸੱਤਾ ‘ਚ ਆਉਣ ਤੋਂ ਪਹਿਲਾਂ ‘ਆਪ’ ਨੇ ਪੰਜਾਬ ਦੇ ਲੋਕਾਂ ਨੂੰ ਗਾਰੰਟੀ ਦਿੱਤੀ ਸੀ ਉਨ੍ਹਾਂ ਨੂੰ ਸਹੀ ਸਿਹਤ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਮੁਹੱਲਾ ਕਲੀਨਿਕਾਂ ਦਾ ਨਿਰਮਾਣ ਕੀਤਾ ਜਾਵੇਗਾ ਤੇ ਪਹਿਲੇ ਸਾਲ ‘ਚ ਅਸੀਂ 500 ਮੁਹੱਲਾ ਕਲੀਨਿਕ ਖੋਲ੍ਹ ਦਿੱਤੇ ਹਨ, ਜਿਨ੍ਹਾਂ ‘ਚ ਹੁਣ ਤੱਕ ਪੰਜਾਬ ਦੇ ਸਾਢੇ 10 ਲੱਖ ਤੋਂ ਵੱਧ ਲੋਕ ਆਪਣੇ ਇਲਾਜ ਕਰਵਾ ਚੁੱਕੇ ਹਨ ਅਤੇ ਸਵਾ ਲੱਖ ਲੋਕਾਂ ਦੇ ਮੁਫ਼ਤ ਟੈਸਟ ਸ਼ੁਰੂ ਕਰ ਦਿੱਤੇ ਗਏ ਹਨ।
ਮੰਤਰੀ ਚੀਮਾ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵੱਡੇ-ਵੱਡੇ ਐਕਸ਼ਨ ਲਏ ਹਨ। ਵੱਡੇ-ਵੱਡੇ ਭ੍ਰਿਸ਼ਟਾਚਾਰੀ ਸਲਾਖਾਂ ਦੇ ਪਿੱਛੇ ਹਨ ਕਿਉਂਕਿ ਉਨ੍ਹਾਂ ਨੇ ਪੰਜਾਬ ਦਾ ਪੈਸਾ ਖਾਧਾ, ਸੂਬੇ ਦਾ ਮਾਲੀਆ ਉਜਾੜਿਆ, ਰਿਸ਼ਵਤਖੋਰੀ ਪੈਦਾ ਕੀਤੀ ਅਤੇ ਮਾਫ਼ੀਆ ਰਾਜ ਦੀ ਸਥਾਪਨਾ ਕੀਤੀ। ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਰਾਜ ਦਾ ਖ਼ਾਤਮਾ ਕੀਤਾ ਹੈ। ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਜਾਂਚ ਚੱਲ ਰਹੀ ਹੈ ਤੇ ਬਹੁਤ ਸਾਰੇ ਜੇਲ੍ਹਾਂ ‘ਚ ਬੰਦ ਹਨ। ਇਸ ਤੋਂ ਇਲਾਵਾ ਸਰਕਾਰ ਨੇ ਇਕ ਹੋਰ ਵੱਡੀ ਗਾਰੰਟੀ ਦਿੱਤੀ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ , ਉਹ ਵੀ ਕਿਤੇ ਨਾ ਕਿਤੇ ਪੂਰਾ ਕੀਤੀ ਜਾ ਰਹੀ ਹੈ।
ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ‘ਚ ਵੀ ਵੱਡੀ ਤਬਦੀਲੀ ਲਿਆਂਦਾ ਹੈ। ਸਕੂਲ ਆਫ਼ ਐਮੀਨੇਂਸ ਸਥਾਪਤ ਕੀਤੇ ਜਾਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ ਤੇ ਸਰਕਾਰੀ ਸਕੂਲ ਦੇ ਪ੍ਰਿੰਸੀਪਲਾਂ ਨੂੰ ਸਿਖਲ਼ਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ। ਪੰਜਾਬ ‘ਚ ਨਿਵੇਸ਼ ਨੂੰ ਵੀ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਕਈ ਵੱਡੇ ਵਪਾਰੀਆਂ ਨੇ ਕਿਹਾ ਕਿ ਉਹ ਪੰਜਾਬ ‘ਚ ਨਿਵੇਸ਼ ਕਰਨਗੇ ਤੇ ਇਸ ਨਾਲ ਬੱਚਿਆਂ ਨੂੰ ਰੋਜ਼ਗਾਰ ਮਿਲੇਗਾ। SYL ਸਬੰਧੀ ਗੱਲ ਕਰਦਿਆਂ ਕਿਹਾ ਚੀਮਾ ਨੇ ਕਿਹਾ ਕਿ ਇਕ ਪਾਰਟੀ ਦੇ ਨੇਤਾ ਤਾਂ ਕਹੀ ਲੈ ਕੇ ਨਹਿਰ ‘ਚ ਟੱਕ ਲਾਉਣ ਚੱਲੇ ਗਏ ਸੀ ਤੇ ਬਾਕੀਆਂ ਨੇ ਸਸਤੇ ਭਾਅ ਦੀਆਂ ਜ਼ਮੀਨਾਂ ਲੈ ਕੇ ਵੱਡੇ-ਵੱਡੇ ਹੋਟਲ ਬਣਾਏ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਸਟੈਂਡ ਲੈਂਦਿਆਂ ਕਿਹਾ ਕਿ ਪੰਜਾਬ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਵੇਗੀ।