ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਬਾਅਦ ਹੁਣ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ‘ਚ ਵਾਧਾ ਹੁੰਦਾ ਵਿਖਾਈ ਦੇ ਰਿਹਾ ਹੈ। ਦਰਅਸਲ, ਵਿਜੀਲੈਂਸ ਲਗਾਤਾਰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਸਾਬਕਾ ਵਿਧਾਇਕਾਂ ਅਤੇ ਸਾਬਕਾ ਮੰਤਰੀਆਂ ਨੂੰ ਸੰਮਨ ਭੇਜ ਰਹੀ ਹੈ। ਇਸ ਦਰਮਿਆਨ ਹੁਣ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵਿਜੀਲੈਂਸ ਨੇ 21 ਅਪ੍ਰੈਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਨਾਲ ਜੁੜੇ ਮਾਮਲੇ ਵਿੱਚ ਬਲਬੀਰ ਸਿੰਘ ਸਿੱਧੂ ਨੂੰ ਸੰਮਨ ਭੇਜਿਆ ਹੈ।
ਦੱਸ ਦਈਏ ਕਿ ਕਰੀਬ 1 ਮਹੀਨਾ ਪਹਿਲਾਂ ਬਲਬੀਰ ਸਿੰਘ ਸਿੱਧੂ ਦੀ ਜਾਇਦਾਦ ਅਤੇ ਉਨ੍ਹਾਂ ਦੇ ਖਾਤੇ ਦੀ ਜਾਂਚ ਸ਼ੁਰੂ ਹੋਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਵੱਲੋਂ ਬਲਬੀਰ ਸਿੱਧੂ ਦੇ ਕਈ ਰਿਕਾਰਡ ਮੰਗਵਾਏ ਗਏ ਹਨ, ਹੁਣ 21 ਤਰੀਕ ਨੂੰ ਉਨ੍ਹਾਂ ਦੀ ਕਰਾਸ ਚੈਕਿੰਗ ਕੀਤੀ ਜਾਵੇਗੀ।
ਬਲਬੀਰ ਸਿੰਘ ਸਿੱਧੂ ਇਸ ਸਮੇਂ ਜਲੰਧਰ ਉਪ ਚੋਣ ਵਿੱਚ ਆਪਣੀ ਪਾਰਟੀ ਲਈ ਪ੍ਰਚਾਰ ਕਰ ਰਹੇ ਹਨ। ਬਲਬੀਰ ਸਿੱਧੂ ਕਾਂਗਰਸ ਸਰਕਾਰ ਦੇ ਸਾਬਕਾ ਮੰਤਰੀਆਂ ਦੀ ਲੰਬੀ ਸੂਚੀ ਵਿੱਚ ਸ਼ਾਮਲ ਹਨ ਜੋ ਵਿਜੀਲੈਂਸ ਬਿਊਰੋ ਦੁਆਰਾ ਵੱਖ-ਵੱਖ ਜਾਂਚਾਂ ਦਾ ਸਾਹਮਣਾ ਕਰ ਰਹੇ ਹਨ। ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਬਲਬੀਰ ਸਿੰਘ ਸਿੱਧੂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ।