ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਕਾਂਗਰਸੀ ਆਗੂ ਨੂੰ ਸੋਮਵਾਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਸੀ ਕਿ ਇਹ ਕੇਸ ਸਿਆਸੀ ਬਦਲਾਖੋਰੀ ਕਾਰਨ ਦਰਜ ਕੀਤਾ ਗਿਆ ਸੀ। ਹਾਲਾਂਕਿ, ਵਿਜੀਲੈਂਸ ਨੇ ਕਿਹਾ ਕਿ ਮੁਲਜ਼ਮ ਦੀ ਆਮਦਨ ਅਤੇ ਖਰਚ ਵਿੱਚ ਵੱਡਾ ਅੰਤਰ ਹੈ। ਇਥੇ ਦਸ ਦਈਏ ਕਿ ਪੁਲਿਸ ਨੇ ਧਰਮਸੋਤ ਦਾ 7 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਸਿਰਫ਼ 3 ਦਿਨਾਂ ਦਾ ਹੀ ਰਿਮਾਂਡ ਦਿੱਤਾ ਹੈ। ਇਸ ਦੌਰਾਨ ਇਹ ਉਮੀਦ ਜਤਾਈ ਜਾ ਰਹੀ ਹੈ ਕਿ ਕਈ ਖ਼ੁਲਾਸੇ ਹੋ ਸਕਦੇ ਹਨ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਰੇਂਜ ਪੁਲਿਸ ਸਟੇਸ਼ਨ, ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13 (1) (ਬੀ), 13 (2) ਦੇ ਤਹਿਤ ਸਾਬਕਾ ਮੰਤਰੀ ਧਰਮਸੋਤ ਦੇ ਵਿਰੁੱਧ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਕੇਸ ਦਰਜ ਕਰਕੇ ਉਸ ਨੂੰ ਬੀਤੇ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ।
ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 1 ਮਾਰਚ 2016 ਤੋਂ 21 ਮਾਰਚ 2022 ਤੱਕ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2 ਕਰੋੜ 37 ਲੱਖ 12 ਹਜ਼ਾਰ 594.48 ਰੁਪਏ ਸੀ ਜਦਕਿ ਖਰਚਾ 8 ਕਰੋੜ 76 ਲੱਖ 30 ਹਜ਼ਾਰ 888.86 ਰੁਪਏ ਸੀ ਜੋ ਕਿ 6,39,18, 292.39 ਰੁਪਏ ਵੱਧ ਸੀ ਯਾਨੀ ਸਾਧੂ ਸਿੰਘ ਦੀ ਆਮਦਨ ਸਰੋਤਾਂ ਤੋਂ 269 ਵੱਧ ਸੀ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਬਾਰੇ ਪਤਾ ਲਗਾਉਣ ਲਈ ਮਾਮਲੇ ਦੀ ਹੋਰ ਜਾਂਚ ਜਾਰੀ ਹੈ।