ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਦਫ਼ਤਰ ਪੁੱਜੇ ਹਨ। ਵਿਜੀਲੈਂਸ ਦੀ ਜਾਂਚ ਟੀਮ ਵੱਲੋਂ ਅੱਜ ਤੀਜੀ ਵਾਰ ਉਹਨਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਟੀਮ ਨੇ ਚੰਨੀ ਦੀ ਪੂਰੀ ਜਾਇਦਾਦ ਬਾਰੇ ਜਾਣਕਾਰੀ ਮੰਗੀ ਹੈ।
ਇਹ ਵੀ ਸੰਭਾਵਨਾਵਾਂ ਜਤਾਈਆਂ ਜਾ ਰਹੀਆਂ ਹਨ ਕਿ ਗੋਆ ਵਿੱਚ ਪੰਜਾਬ ਦੀ ਸਰਕਾਰੀ ਜ਼ਮੀਨ ਬਾਰੇ ਵੀ ਵਿਜੀਲੈਂਸ ਵੱਲੋਂ ਚੰਨੀ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ। ਜੋ ਕਿ ਚੰਨੀ ਨੇ ਮੁੱਖ ਮੰਤਰੀ ਰਹਿੰਦਿਆਂ ਇਕ ਕੰਪਨੀ ਨੂੰ ਲੀਜ਼ ‘ਤੇ ਦੇ ਦਿੱਤੀ ਸੀ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਚੰਨੀ ਜਾਇਦਾਦ ਸਬੰਧੀ ਦਸਤਾਵੇਜ਼ ਲੈ ਕੇ ਵਿਜੀਲੈਂਸ ਟੀਮ ਦੇ ਸਾਹਮਣੇ ਪੇਸ਼ ਹੋ ਚੁੱਕੇ ਹਨ। ਪਰ ਵਿਜੀਲੈਂਸ ਉਹਨਾਂ ਵੱਲੋਂ ਦਿੱਤੀ ਸੂਚਨਾ ਤੋਂ ਸੰਤੁਸ਼ਟ ਨਹੀਂ ਸੀ। ਇਸ ਕਾਰਨ ਉਹਨਾਂਤੋਂ ਤੀਜੀ ਵਾਰ ਸਾਰੀ ਜਾਇਦਾਦ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੰਗੀ ਗਈ ਹੈ।
ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਬੁਲਾਏ ਜਾਣ ‘ਤੇ ਚੰਨੀ ਨੇ ਆਪਣੇ ਕਤਲ ਦਾ ਖਦਸ਼ਾ ਪ੍ਰਗਟਾਇਆ ਸੀ। ਉਹਨਾਂ ਨੇ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਪੰਜਾਬ ਦੀ ਮਾਣਯੋਗ ਸਰਕਾਰ ਉਸ ਨੂੰ ਪ੍ਰੇਸ਼ਾਨ ਕਰ ਰਹੀ ਹੈ, ਉਸ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ, ਇੱਥੋਂ ਤੱਕ ਕਿ ਉਸ ਨੂੰ ਮਾਰਿਆ ਵੀ ਜਾ ਸਕਦਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਹੈ। ਪਰ ਚੰਨੀ ਨੇ ਵਿਜੀਲੈਂਸ ਜਾਂਚ ਦਾ ਸਾਹਮਣਾ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦਲਿਤ ਭਾਈਚਾਰੇ ਦੀਆਂ ਉਮੀਦਾਂ ’ਤੇ ਖਰੀ ਉਤਰਨ ਵਿੱਚ ਨਾਕਾਮ ਰਹੀ ਹੈ।
ਜ਼ਿਕਰ ਕਰ ਦਈਏ ਕਿ ਚੰਨੀ ਦੇ ਵਿਦੇਸ਼ ਜਾਣ ਬਾਰੇ ਸੁਰਾਗ ਮਿਲਣ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 7 ਮਾਰਚ ਨੂੰ ਚੰਨੀ ਵਿਰੁੱਧ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਚੰਨੀ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਮਰੀਕਾ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ।
Leave feedback about this