ਪੰਜਾਬ ਦੀ ਮਾਨ ਸਰਕਾਰ ਇਸ਼ਤਿਹਾਰਬਾਜ਼ੀ ਨੂੰ ਲੈਕੇ ਵਿਰੋਧੀਆਂ ਦੇ ਨਿਸ਼ਾਨੇ ’ਤੇ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਮਾਨ ਸਰਕਾਰ ਨੂੰ ਘੇਰਦਿਆਂ ਸਰਕਾਰੀ ਇਸ਼ਤਿਹਾਰਬਾਜ਼ੀ ਉੱਪਰ ਖਰਚੇ ਪੈਸੇ ਆਮ ਆਦਮੀ ਪਾਰਟੀ ਦੇ ਖਾਤੇ ਵਿੱਚੋਂ ਵਸੂਲਣ ਦੀ ਮੰਗ ਕੀਤੀ ਹੈ। ਅਕਾਲੀ ਦਲ ਦੇ ਯੂਥ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜਨਤਾ ਦਾ ਪੈਸਾ ਸਿਆਸੀ ਹਿੱਤਾਂ ਲਈ ਉਜਾੜਿਆ ਗਿਆ ਹੈ। ਇਸ ਲਈ ਇਹ ਪੈਸਾ ਆਮ ਆਦਮੀ ਪਾਰਟੀ ਦੇ ਖਾਤੇ ਵਿੱਚੋਂ ਵਸੂਲਣ ਦੇ ਹੁਕਮ ਦਿੱਤੇ ਜਾਣ। ਉਨ੍ਹਾਂ ਨੇ ਕਿਹਾ ਕਿ ਇਸ਼ਤਿਹਰਬਾਜ਼ੀ ਲਈ ਵਰਤੇ ਜਾ ਰਹੇ ਇਲੈਕਟ੍ਰੋਨਿਕ, ਪ੍ਰਿੰਟ ਇਸਤਿਹਾਰਾਂ ਦੇ ਬਿੱਲਾਂ ਦੀ ਅਦਾਇਗੀ ਪਾਰਟੀ ਦੇ ਖਾਤੇ ਵਿਚੋਂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ ਕਿਉਂਕਿ ਹਿਮਾਚਲ ਤੇ ਗੁਜਰਾਤ ਦੀਆਂ ਚੋਣਾਂ ਵਿੱਚ ਫੋਕੀ ਵਾਹ-ਵਾਹੀ ਲਈ ਕੀਤੀ ਗਈ ਬੇਸ਼ੁਮਾਰ ਇਸ਼ਤਿਹਾਰਬਾਜ਼ੀ ਦਾ ਸਾਰਾ ਖਰਚਾ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਟੈਕਸਾਂ ਵਿੱਚੋਂ ਕੀਤਾ ਗਿਆ ਹੈ ਜੋ ਸਿੱਧੇ ਰੂਪ ਵਿੱਚ ਪੰਜਾਬ ਲਈ ਨੁਕਸਾਨਦਾਇਕ ਅਤੇ ਜੋ ਕਿ ਪੰਜਾਬ ਦਾ ਵਿਕਾਸ ਰੋਕ ਰਿਹਾ ਹੈ।
ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਆਪਣੇ ਸਿਆਸੀ ਲਾਭ ਲਈ ਆਪ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਦਾ ਪੈਸਾ ਪਾਣੀ ਵਾਂਗ ਵਹਾਇਆ, ਉਨ੍ਹਾਂ ਕਿਹਾ ਕਿ ਆਮ ਆਦਮੀਂ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਦੇ ਪੈਸੇ ਨਾਲ ਦੂਜੇ ਸੂਬਿਆਂ ਵਿਚ ਨਿੱਜੀ ਮੁਫ਼ਾਦ ਲੈਣ ਲਈ ਕਰੋੜਾਂ ਰੁਪਏ ਦੇ ਇਸ਼ਤਿਹਾਰ ਦਿੱਤੇ ਗਏ ਇਸ ਲਈ ਉਹ ਸੂਬੇ ਦੇ ਗਵਰਨਰ ਤੋਂ ਮੰਗ ਕਰਦੇ ਹਨ ਕਿ ਇਹਨਾਂ ਇਸ਼ਤਿਹਾਰਾਂ ਦੀ ਜਾਂਚ ਕੀਤੀ ਜਾਵੇ।
ਇਥੇ ਦਸ ਦਈਏ ਕਿ ਅਕਾਲੀ ਦਲ ਦੇ ਯੂਥ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਤੋਂ ਇਲਾਵਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਵੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਗਈ ਹੈ। ਚਿੱਠੀ ਵਿਚ ਉਨ੍ਹਾਂ ਆਮ ਆਦਮੀ ਪਾਰਟੀ ਵੱਲੋਂ ਗੁਜਰਾਤ ਅਤੇ ਹਿਮਾਚਲ ਚੋਣਾਂ ਵਿਚ ਕੀਤੇ ਗਏ ਖ਼ਰਚ ਦੀ ਵਸੂਲੀ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਸਰਕਾਰੀ ਖਜ਼ਾਨੇ ਵਿੱਚੋਂ ਸੈਂਕੜੇ ਕਰੋੜ ਰੁਪਏ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੇ ਇਸ਼ਤਿਹਾਰਾਂ ‘ਤੇ ਖ਼ਰਚ ਕੀਤੇ ਹਨ। ਦਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ‘ਤੇ ਪੰਜਾਬ ਦੇ ਖਜ਼ਾਨੇ ਦੀ ਦੁਰਵਰਤੋ ਦੇ ਦੋਸ਼ ਲੱਗਦੇ ਰਹੇ ਹਨੇ, ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਕੱਢੀ ਗਈ ਵਿਜੇ ਯਾਤਰਾ ਤੋਂ ਬਾਅਦ ਵੀ ਪੰਜਾਬ ਸਰਕਾਰ ‘ਤੇ ਸਵਾਲ ਖੜੇ ਹੋਏ ਸਨ।