ਕੋਰੋਨਾ ਮਹਾਂਮਾਰੀ ਦੇ ਵੱਧਦੇ ਮਾਮਲਿਆਂ ਨੂੰ ਲੈਕੇ ਚਿੰਤਾ ਜਤਾਉਂਦੇ ਹੋਏ ਦਿੱਲੀ ਦੀ ‘ਆਪ’ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ ਕਿ ਇਕ ਸਰਕਾਰੀ ਸਕੂਲਾਂ ਦੇ ਸਾਰੇ ਅਧਿਆਪਕ 31 ਦਸੰਬਰ ਤੋਂ 15 ਜਨਵਰੀ ਤੱਕ ਦਿੱਲੀ ਹਵਾਈ ਅੱਡੇ ‘ਤੇ ਤਾਇਨਾਤ ਰਹਿਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਯਾਤਰੀ ਹਵਾਈ ਅੱਡੇ ‘ਤੇ ਕੋਵਿਡ ਗਾਈਡਲਾਈਨ ਦੀ ਪਾਲਣਾ ਕਰਦੇ ਹਨ।
ਸਰਦੀਆਂ ਦੀਆਂ ਛੁੱਟੀਆਂ ਕਾਰਨ ਇਸ ਸਮੇਂ ਦੌਰਾਨ ਦਿੱਲੀ ਵਿੱਚ ਸਕੂਲ ਬੰਦ ਰਹਿਣਗੇ। ਅਜਿਹੀ ਸਥਿਤੀ ਵਿੱਚ ਅਧਿਆਪਕਾਂ ਨੂੰ ਇਹ ਯਕੀਨੀ ਬਣਾਉਣ ਲਈ ਤਾਇਨਾਤ ਕੀਤਾ ਜਾਵੇਗਾ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀ ਕੋਵਿਡ ਤੋਂ ਸੁਰੱਖਿਅਤ ਰਹਿਣ ਲਈ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਇਸ ਦੌਰਾਨ ਸਕੂਲਾਂ ਵਿੱਚ ਬੱਚਿਆਂ ਦੀ ਛੁੱਟੀ ਰਹੇਗੀ। ਇਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਵੀ ਨੁਕਸਾਨ ਨਹੀਂ ਹੋਵੇਗਾ। ਦੱਸ ਦਈਏ ਕਿ ਜਦੋਂ ਤੋਂ ਦਿੱਲੀ ਏਅਰਪੋਰਟ ‘ਤੇ ਕੋਰੋਨਾ ਟੈਸਟਿੰਗ ਸ਼ੁਰੂ ਹੋਈ ਹੈ, ਉਦੋਂ ਤੋਂ ਹੀ ਵਿਦੇਸ਼ਾਂ ਤੋਂ ਆਉਣ ਵਾਲੇ ਕਈ ਯਾਤਰੀ ਕੋਰੋਨਾ ਸੰਕਰਮਿਤ ਪਾਏ ਗਏ ਹਨ। ਦਿੱਲੀ ਸਰਕਾਰ ਨੇ ਅਧਿਆਪਕਾਂ ਨੂੰ ਤਾਇਨਾਤ ਕਰਨ ਦੀ ਪਹਿਲ ਕੀਤੀ ਹੈ।
ਡੀਐਮ ਪੱਛਮੀ ਨੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਦੀ ਤਰਫ਼ੋਂ ਇਹ ਹੁਕਮ ਜਾਰੀ ਕੀਤਾ ਹੈ। ਕੁੱਲ 16 ਦਿਨਾਂ ਤੱਕ ਵੱਖ-ਵੱਖ ਸ਼ਿਫਟਾਂ ਵਿੱਚ 85 ਅਧਿਆਪਕ ਡਿਊਟੀ ‘ਤੇ ਰਹਿਣਗੇ। ਦਰਅਸਲ, ਕੁਝ ਦੇਸ਼ਾਂ ਵਿਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਦੇ ਅਧਿਕਾਰੀ ਖੁਦ ਇੱਥੋਂ ਦੇ ਸਾਰੇ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਨਗੇ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਉਨ੍ਹਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੀਆਂ ਹਦਾਇਤਾਂ ਤਹਿਤ ਮੰਗਲਵਾਰ ਨੂੰ ਦਿੱਲੀ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੌਕ ਡਰਿੱਲ ਕਰਵਾਈ ਜਾਵੇਗੀ।