ਨਵੀਂ ਸਰਕਾਰ ਆਉਣ ਤੋਂ ਬਾਅਦ ਕਈ ਨਾਮਵਰ ਕਾਂਗਰਸੀ ਤੇ ਵਿਰੋਧੀ ਧਿਰ ਦੇ ਸਿਆਸਤਦਾਨ ’ਤੇ ਸਖ਼ਤ ਸ਼ਿਕੰਜਾ ਕੱਸਦੇ ਹੋਏ ਭਗਵੰਤ ਮਾਨ ਦੀ ਸਰਕਾਰ ਨੇ ਉਨ੍ਹਾਂ ਦੀ ਇਨਕੁਆਰੀ ਖੋਲ੍ਹ ਦਿੱਤੀ ਗਈ ਹੈ ਅਤੇ ਹੁਣ ਪੰਜਾਬ ਵਿਜੀਲੈਂਸ ਦੀ ਰਾਡਾਰ ‘ਤੇ ਇਕ ਹੋਰ ਕਾਂਗਰਸੀ ਵਿਧਾਇਕ ਆ ਚੁੱਕੇ ਹਨ। ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ‘ਤੇ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਿਕੰਜਾ ਕੱਸਿਆ ਹੈ ਅਤੇ ਵਿਜੀਲੈਂਸ ਵਿਭਾਗ ਨੇ ਬਰਿੰਦਰਮੀਤ ਸਿੰਘ ਪਾਹੜਾ ਨੂੰ ਤਲਬ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਪਾਹੜਾ ਮੰਗਲਵਾਰ 6 ਦਸੰਬਰ ਨੂੰ ਵਿਜੀਲੈਂਸ ਦਰਫਤਰ ਗੁਰਦਾਸਪੁਰ ’ਚ ਸਵੇਰੇ 10 ਵਜੇ ਡੀ. ਐੱਸ. ਪੀ. ਦੇ ਸਾਹਮਣੇ ਪੇਸ਼ ਹੋਣਗੇ। ਵਿਜੀਲੈਂਸ ਬਿਊਰੋ ਨੇ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਗੁਰਦਾਸਪੁਰ ਦੇ ਵਿਧਾਇਕ ਪਾਹੜਾ ’ਤੇ ਸ਼ਿਕੰਜਾ ਕੱਸਦੇ ਹੋਏ ਉਨ੍ਹਾਂ ਨੂੰ ਵਿਜੀਲੈਂਸ ਦਫਤਰ ’ਚ ਤਲਬ ਕੀਤਾ ਹੈ। ਵਿਧਾਇਕ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਕਾਂਗਰਸ ਦੇ ਦਫਤਰ ’ਚ ਆਪਣੀ ਸੱਤਾ ਦੀ ਦੁਰਵਰਤੋਂ ਕਰਦੇ ਹੋਏ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕੀਤੀ ਹੈ। ਇਸੇ ਦੇ ਆਧਾਰ ’ਤੇ ਵਿਜੀਲੈਂਸ ਨੇ ਉਸ ਨੂੰ ਆਪਣਾ ਪੱਖ ਦੇਣ ਲਈ ਸੱਦਿਆ ਹੈ।
ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ ਸਮੇਂ ਦੌਰਾਨ ਇੱਕ ਬੈਂਕ ਦੇ ਮੈਨੇਜਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਉਨ੍ਹਾਂ ਦੇ ਪਰਿਵਾਰ ਸਮੇਤ 8 ਵਿਅਕਤੀਆਂ ਦੇ ਖਾਤਿਆਂ ਸਬੰਧੀ ਜਾਣਕਾਰੀ ਮੰਗੀ ਸੀ। ਐਸਐਸਪੀ ਵਿਜੀਲੈਂਸ ਨੇ ਵੀ ਬੈਂਕ ਮੈਨੇਜਰ ਤੋਂ ਜਾਣਕਾਰੀ ਲੈਣ ਦੀ ਪੁਸ਼ਟੀ ਕੀਤੀ ਸੀ। ਇਸ ਸਬੰਧੀ ਵਿਜੀਲੈਂਸ ਬਿਊਰੋ ਦਾ ਇੱਕ ਪੱਤਰ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। ਸੋਸ਼ਲ ਮੀਡੀਆ ‘ਤੇ ਇਕ ਪੱਤਰ ਵਾਇਰਲ ਹੋਇਆ ਸੀ, ਜਿਸ ਵਿਚ ਵਿਜੀਲੈਂਸ ਬਿਊਰੋ ਨੇ ਬੈਂਕ ਮੈਨੇਜਰ ਨੂੰ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਉਨ੍ਹਾਂ ਦੇ ਭਰਾ ਬਲਜੀਤ ਸਿੰਘ ਪਾਹੜਾ, ਹੋਰ ਪਰਿਵਾਰਕ ਮੈਂਬਰਾਂ ਅਤੇ ਕੁਝ ਬਾਹਰੀ ਵਿਅਕਤੀਆਂ ਦੇ ਬੈਂਕ ਖਾਤਿਆਂ ਦੀ ਵਿਜੀਲੈਂਸ ਜਾਂਚ ਦੀ ਅਪੀਲ ਕੀਤੀ ਸੀ। ਦੂਜੇ ਪਾਸੇ ਵਿਧਾਇਕ ਬਰਿੰਦਰਮੀਤ ਸਿੰਘ ਪਹਾੜਾ ਨੇ ਕਿਹਾ ਸੀ ਕਿ ਉਨ੍ਹਾਂ ਨੇ ਇਮਾਨਦਾਰੀ ਨਾਲ ਕੰਮ ਕੀਤਾ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਜਾਂਚ ਦਾ ਡਰ ਨਹੀਂ ਹੈ।