December 8, 2023
Politics Punjab

ਕਾਂਗਰਸ ਦੇ ਗਲੇ ਦੀ ਹੱਡੀ ਬਣਿਆ ਗੈਂਗਸਟਰ ਮੁਖਤਾਰ ਅੰਸਾਰੀ ਦਾ ਮਾਮਲਾ, ਮਿਲਦਾ ਸੀ ਵੀ.ਆਈ.ਪੀ. ਟ੍ਰੀਟਮੈਂਟ

ਪੰਜਾਬ ਦੀ ਰੋਪੜ ਜੇਲ੍ਹ ‘ਚ ਦੋ ਸਾਲ ਬੰਦ ਰਹੇ ਗੈਂਗਸਟਰ ਮੁਖਤਾਰ ਅੰਸਾਰੀ ਮਾਮਲੇ ਦੀ ਜਾਂਚ ਪੰਜਾਬ ਸਰਕਾਰ ਨੇ ਲਗਭਗ ਪੂਰੀ ਕਰ ਲਈ ਹੈ। ਇਸ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਪਿਛਲੀ ਕਾਂਗਰਸ ਦੀ ਸਰਕਾਰ ਦੌਰਾਨ ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ’ਚ ਵੀ. ਆਈ. ਪੀ. ਟ੍ਰੀਟਮੈਂਟ ਮਿਲਦਾ ਸੀ ਅਤੇ ਜਾਂਚ ਵਿਚ ਪਤਾ ਲੱਗਿਆ ਕਿ ਵੀ. ਆਈ. ਪੀ. ਕੈਦੀ ਦੇ ਰੂਪ ’ਚ ਰਹੇ ਅੰਸਾਰੀ ਦੀ ਪੈਰਵੀ ’ਤੇ ਕਰੀਬ 55 ਲੱਖ ਰੁਪਏ ਖਰਚ ਕੀਤੇ ਗਏ।  

ਹੁਣ ਇਸ ਵਿਚ ਨਵਾਂ ਮੋੜ ਉਦੋਂ ਆਇਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਨਾਲ ਸਬੰਧਤ ਲੱਖਾਂ ਰੁਪਏ ਦੇ ਕਾਨੂੰਨੀ ਖ਼ਰਚੇ ਦੀ ਅਦਾਇਗੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਦੇ OSD ਬਲਤੇਜ ਪਨੂੰ ਮੁਤਾਬਿਕ ਇਸ ਸਬੰਧੀ ਕਰੀਬ 55 ਲੱਖ ਰੁਪਏ ਦੀ ਅਦਾਇਗੀ ਵਾਲੀ ਫਾਈਲ ਵਾਪਸ ਮੋੜ ਦਿੱਤੀ ਗਈ ਹੈ। ਇਹ ਬਿੱਲ ਸੁਪਰੀਮ ਕੋਰਟ ਦੇ ਇੱਕ ਸੀਨੀਅਰ ਵਕੀਲ ਦਾ ਸੀ, ਜਿਸ ਨੇ ਕੈਪਟਨ ਸਰਕਾਰ ਵੇਲੇ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਮੁਖਤਾਰ ਅੰਸਾਰੀ ਦੀ ਮੌਜੂਦਗੀ ਕਾਇਮ ਰੱਖਣ ਸਬੰਧੀ ਸੁਪਰੀਮ ਕੋਰਟ ’ਚ ਕੇਸ ਲੜਿਆ ਸੀ। ਇਸ ਵਕੀਲ ਦੀ ਹਰ ਪੇਸ਼ੀ ਪੰਜਾਬ ਸਰਕਾਰ ਨੂੰ ਕਰੀਬ 11 ਲੱਖ ਰੁਪਏ ਵਿੱਚ ਪਈ ਸੀ।

ਪ੍ਰਦੇਸ਼ ਵਿੱਚ ਮੁਖਤਾਰ ਅੰਸਾਰੀ ’ਤੇ ਕਰੀਬ 47 ਮੁਕੱਦਮੇ ਦਰਜ ਹਨ, ਜਿਨ੍ਹਾਂ ਦੇ ਨਿਪਟਾਰੇ ਲਈ ਵਿਸ਼ੇਸ਼ ਅਦਾਲਤ ਬਣੀ ਹੋਈ ਹੈ। ਯੂਪੀ ਪੁਲੀਸ ਚਾਹੁੰਦੀ ਸੀ ਕਿ ਪੰਜਾਬ ਸਰਕਾਰ ਮੁਖਤਾਰ ਅੰਸਾਰੀ ਨੂੰ ਵਾਪਸ ਭੇਜੇ, ਪਰ ਪੰਜਾਬ ਸਰਕਾਰ ਅੰਸਾਰੀ ਨੂੰ ਵਾਪਸ ਭੇਜਣ ਤੋਂ ਟਾਲਾ ਵੱਟਦੀ ਰਹੀ। ਪਤਾ ਲੱਗਾ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਨੇ 25 ਵਾਰ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਮੁਖਤਾਰ ਅੰਸਾਰੀ ਨੂੰ ਵਾਪਸ ਭੇਜੇ ਜਾਣ ਦੀ ਮੰਗ ਕੀਤੀ ਸੀ ਤੇ ਹਰ ਵਾਰ ਪੰਜਾਬ ਸਰਕਾਰ ਨੇ ਮੁਖਤਾਰ ਅੰਸਾਰੀ ਦੀ ਢਿੱਲੀ ਸਿਹਤ ਦਾ ਹਵਾਲਾ ਦਿੱਤਾ ਸੀ। ਆਖਰ ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ, ਜਿਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਦੀਆਂ ਸੇਵਾਵਾਂ ਲੈ ਕੇ ਇਹ ਕੇਸ ਲੜਿਆ। ਇਸੇ ਕੇਸ ਦੀ ਫੀਸ ਸਬੰਧੀ ਬਿੱਲ 55 ਲੱਖ ਰੁਪਏ ਬਣਿਆ ਸੀ। ਮੁੱਖ ਮੰਤਰੀ ਦਫ਼ਤਰ ਨੂੰ ਜਾਪਦਾ ਹੈ ਕਿ 55 ਲੱਖ ਰੁਪਏ ਦਾ ਬੋਝ ਖ਼ਜ਼ਾਨੇ ’ਤੇ ਕਿਉਂ ਪਾਇਆ ਜਾਵੇ, ਜਿਸ ਕਰਕੇ ਅਦਾਇਗੀ ਵਾਲੀ ਫਾਈਲ ਮੁੱਖ ਮੰਤਰੀ ਦਫ਼ਤਰ ਨੇ ਵਾਪਸ ਮੋੜ ਦਿੱਤੀ ਹੈ।

ਯੂਪੀ ਦਾ ਬਾਹੁਬਲੀ ਮੁਖਤਾਰ ਅੰਸਾਰੀ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਕਰੀਬ ਸਵਾ ਦੋ ਸਾਲ (2019-2021) ਬੰਦ ਰਿਹਾ ਸੀ। ਪੰਜਾਬ ਪੁਲੀਸ ਉਸ ਨੂੰ ਟਰਾਂਜ਼ਿਟ ਰਿਮਾਂਡ ’ਤੇ ਉੱਤਰ ਪ੍ਰਦੇਸ਼ ਤੋਂ ਲਿਆਈ ਸੀ। ਮੁਹਾਲੀ ਪੁਲਿਸ ਨੇ ਇੱਕ ਬਿਲਡਰ ਦੀ ਸ਼ਿਕਾਇਤ ’ਤੇ ਮੁਖਤਾਰ ਅੰਸਾਰੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਸੀ। ਪੰਜਾਬ ਸਰਕਾਰ ਨੇ ਕੁੱਝ ਸਮਾਂ ਪਹਿਲਾਂ ਏਡੀਜੀਪੀ ਆਰਐੱਨ ਢੋਕੇ ਨੂੰ ਮੁਖਤਾਰ ਅੰਸਾਰੀ ਦੀ ਰੋਪੜ ਜੇਲ੍ਹ ਵਿੱਚ ਹੋਈ ਖ਼ਾਤਰਦਾਰੀ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ, ਜਿਨ੍ਹਾਂ ਨੇ ਇਹ ਜਾਂਚ ਮੁਕੰਮਲ ਕਰਕੇ ਰਿਪੋਰਟ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ। ਹੁਣ ਇਹ ਰਿਪੋਰਟ ਕਾਂਗਰਸ ਲਈ ਗਲੇ ਦੀ ਹੱਡੀ ਬਣਦੀ ਦਿਖਾਈ ਦੇ ਰਹੀ ਹੈ ਕਿਉਂਕਿ ਇਸ ਰਿਪੋਰਟ ਚ ਗੈਂਗਸਟਰ ਅੰਸਾਰੀ ਨੂੰ ਵੀਆਈਪੀ ਟ੍ਰੀਟਮੈਂਟ ਦੇਣ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਸੂਤਰ ਦੱਸਦੇ ਹਨ ਕਿ ਇਸ ਮਾਮਲੇ ’ਚ ਪੰਜਾਬ ਦੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਕੁਝ ਵੱਡੇ ਲੋਕ ਵੀ ਜਾਂਚ ਦੀ ਰਾਡਾਰ ’ਤੇ ਹਨ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X