ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਬੈਨਰ ਤਲੇ ਬਟਾਲਾ ਰੇਲਵੇ ਸਟੇਸ਼ਨ ‘ਤੇ ਲੱਗਾ ਪੱਕਾ ਮੋਰਚਾ ਦੂਜੇ ਦਿਨ ਪ੍ਰਸ਼ਾਸਨ ਵਲੋਂ ਮੰਗਾਂ ਹੱਲ ਕਰਨ ਦੇ ਭਰੋਸੇ ਨਾਲ 15 ਦਿਨਾਂ ਲਈ ਮੁਲਤਵੀ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਮੰਗਾਂ ਦਾ ਨਿਪਟਾਰਾ ਕਰਨ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਜੇਕਰ ਮੰਗਾਂ ਹੱਲ ਨਾ ਹੋਈਆਂ ਤਾਂ 20 ਫਰਵਰੀ ਨੂੰ ਮੁੜ ਹੋਵੇਗਾ ਗੁਰਦਾਸਪੁਰ ਰੇਲਵੇ ਸਟੇਸ਼ਨ ਜਾਮ ਕੀਤਾ ਜਾਵੇਗਾ।
ਦਸ ਦਈਏ ਕਿ ਬੀਤੇ ਦਿਨ ਪੰਜਾਬ ਭਰ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਪੰਜਾਬ ਦੇ ਵੱਖ ਵੱਖ ਥਾਵਾਂ ’ਤੇ ਰੋਲ ਰੋਕੀਆਂ ਗਈਆਂ। ਹਾਲਾਂਕਿ ਕਿਸਾਨਾਂ ਨੇ ਇਹ ਰੇਲ ਰੋਕੋ ਅੰਦੋਲਨ ਨੂੰ ਤਿੰਨ ਘੰਟਿਆਂ ਲਈ ਕੀਤਾ ਪਰ ਬਟਾਲਾ ’ਚ ਰੇਲ ਰੋਕੋ ਅੰਦੋਲਨ ਅਣਮਿੱਥੇ ਸਮੇਂ ਤੱਕ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਨੂੰ ਕਿਸਾਨਾਂ ਨੇ ਹੁਣ ਖਤਮ ਕਰ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਬਟਾਲਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਬਟਾਲਾ ਵਿਖੇ ਜਾਰੀ ਰੇਲ ਰੋਕੋ ਅੰਦੋਲਨ ਨੂੰ ਖ਼ਤਮ ਕਰ ਦਿੱਤਾ ਹੈ। ਇਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬਟਾਲਾ ਵਿਖੇ ਰੇਲਵੇ ਟਰੈਕ ਨੂੰ ਖਾਲੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਵੱਖ-ਵੱਖ ਅਧਿਕਾਰੀਆਂ ਨਾਲ ਮੁਲਾਕਾਤ ਹੋਈ। ਜਿਸ ਤੋਂ ਬਾਅਦ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ 15 ਫਰਵਰੀ ਤੱਕ ਉਨ੍ਹਾਂ ਦੀਆਂ ਜਿਆਦਾਤਰ ਸਮੱਸਿਆਵਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ। ਪ੍ਰਸ਼ਾਸਨ ਨੇ ਉਨ੍ਹਾਂ ਕੋਲੋਂ 15 ਫਰਵਰੀ ਤੱਕ ਦਾ ਸਮਾਂ ਮੰਗਿਆ ਹੈ। ਜੇਕਰ 15 ਫਰਵਰੀ ਤੱਕ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਹੋਈਆਂ ਤਾਂ 20 ਫਰਵਰੀ ਨੂੰ ਉਹ ਮੁੜ ਤੋਂ ਗੁਰਦਾਸਪੁਰ ਰੇਲਵੇ ਟਰੈਕ ਜਾਮ ਕਰਨਗੇ। ਜਿਸਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।