ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ। ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ। ਇਹਨਾਂ ਸ਼ਬਦਾ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤਾ ਗਿਆ ਹੈ।
ਦਰਅਸਲ, ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈਕੇ ਵਿਰੋਧੀ ਆਗੂਆਂ ਵਲੋਂ ਲਗਾਤਾਰ ਸਵਾਲ ਚੁੱਕੇ ਜਾ ਰਹੇ ਹੈ। ਜਿਸ ਦਾ ਸੀ.ਐਮ. ਮਾਨ ਨੇ ਮੋੜਵਾਂ ਜਵਾਬ ਦੇ ਦਿੱਤਾ ਹੈ। ਸੀ.ਐਮ. ਮਾਨ ਨੇ ਵਿਰੋਧੀਆਂ ਦੇ ਨਾਲ-ਨਾਲ ਪੰਜਾਬ ਵਿਰੋਧੀ ਤਾਕਤਾਂ ਨੂੰ ਵੀ ਤਾੜਨਾ ਕੀਤਾ ਹੈ। ਮੁੱਖ ਮੰਤਰੀ ਨੇ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੰਦਿਆਂ ਆਖਿਆ ਹੈ ਕਿ ਜੇਕਰ ਕਿਸੇ ਨੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।
ਦਸ ਦਈਏ ਕਿ ਬੀਤੇ ਕੁਝ ਦਿਨਾਂ ਤੋਂ ਇਹ ਖ਼ਬਰਾ ਫੈਲ ਰਹੀਆਂ ਹਨ ਕਿ ਪੰਜਾਬ ਵਿਰੋਧੀ ਤਾਕਤਾਂ ਸੂਬੇ ਦਾ ਮਾਹੌਲ ਖ਼ਰਾਬ ਕਰ ਸਕਦੀਆਂ ਹਨ। ਜਿਸਨੂੰ ਗੰਭੀਰਤਾ ਨਾਲ ਲੈਂਦਿਆ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਨੇ ਚੇਤਾਵਨੀ ਦਿੱਤੀ ਹੈ ਕਿ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਨਹੀਂ ਦਿੱਤਾ ਜਾਵੇਗਾ। ਜਿਸ ਤਹਿਤ ਮੁੱਖ ਮੰਤਰੀ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਅਤੇ ਉਹਨਾਂ ਤੋਂ ਪੰਜਾਬ ‘ਚ ਤਾਇਨਤੀ ਕਰਨ ਲਈ ਸੁਰੱਖਿਆ ਬਲ ਦੀ ਮੰਗ ਕੀਤੀ ਗਈ ਸੀ ਜਿਸ ਨੂੰ ਪੂਰਾ ਕਰਦੇ ਹੋਏ ਕੇਂਦਰ ਨੇ 18 CRPF-RAF ਕੰਪਨੀਆਂ ਪੰਜਾਬ ਨੂੰ ਭੇਜਣ ਦਾ ਐਲਾਨ ਕੀਤਾ ਹੈ ਜੋ 6 ਮਾਰਚ ਤੋਂ 16 ਮਾਰਚ ਤੱਕ ਪੰਜਾਬ ਵਿਚ ਤਾਇਨਾਤ ਰਹੇਗੀ।