ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਰਿਹਾਈ ਨਾਲ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਵਿਖਾਈ ਦੇ ਰਹੀ ਹੈ। ਇਸੇ ਦਰਮਿਆਨ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਜਾ ਵੜਿੰਗ ਨੇ ਸਾਬਕਾ ਪ੍ਰਧਾਨ ਸਿੱਧੂ ਦੇ ਹੱਕ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਦੀ ਜਲਦੀ ਰਿਹਾਈ ’ਤੇ ਵਿਚਾਰ ਕਰਨ, ਜੋ 1988 ਦੇ ਰੋਡ ਰੇਜ ਕੇਸ ‘ਚ ਪਟਿਆਲਾ ਕੇਂਦਰੀ ਜੇਲ੍ਹ ‘ਚ ਸਜ਼ਾ ਕੱਟ ਰਹੇ ਹਨ। ਇਹ ਅਪੀਲ ਪੰਜਾਬ ਮੰਤਰੀ ਮੰਡਲ ਵੱਲੋਂ ਜੇਲ੍ਹਾਂ ਵਿਚ ਸਜ਼ਾ ਕੱਟ ਰਹੇ ਪੰਜ ਦੋਸ਼ੀਆਂ ਨੂੰ ਵਿਸ਼ੇਸ਼ ਛੋਟ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇਣ ਤੋਂ ਇਕ ਦਿਨ ਬਾਅਦ ਕੀਤੀ ਹਈ ਹੈ। ਇਸ ਸੂਚੀ ’ਚ ਸਿੱਧੂ ਦਾ ਨਾਂ ਨਹੀਂ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਹੈ ਕਿ ਨਵਜੋਤ ਸਿੱਧੂ ਦੀ ਰਿਹਾਈ ਲਈ ਪੱਖਪਾਤ ਤੋਂ ਉੱਪਰ ਉੱਠ ਕੇ ਵਿਚਾਰ ਕੀਤਾ ਜਾਵੇ।
ਪਟਿਆਲਾ ਜੇਲ੍ਹ ’ਚ ਸਜ਼ਾ ਭੁਗਤ ਰਹੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪੁੱਤਰ ਐਡਵੋਕੇਟ ਕਰਨ ਸਿੱਧੂ ਨੇ ਪਿਤਾ ਦੀ ਰਿਹਾਈ ਬਾਰੇ ਕਿਹਾ ਸੀ ਕਿ ਉਨ੍ਹਾਂ ਦੇ ਪਿਤਾ ਨਵਜੋਤ ਸਿੰਘ ਸਿੱਧੂ ਨੂੰ ਕਾਨੂੰਨ ’ਤੇ ਪੂਰਾ ਭਰੋਸਾ ਹੈ ਤੇ ਉਹ ਜਲਦ ਆਪਣੀ 1 ਸਾਲ ਦੀ ਸਜ਼ਾ ਪੂਰੀ ਹੋਣ ’ਤੇ ਵਾਪਸ ਆਉਣਗੇ। ਉਨ੍ਹਾਂ ਕਿਹਾ ਕਿ ਪਹਿਲਾਂ 26 ਜਨਵਰੀ ਨੂੰ ਉਨ੍ਹਾਂ ਦੀ ਰਿਹਾਈ ਬਾਰੇ ਚਰਚਾ ਹੋਈ ਸੀ ਤੇ ਵੱਡੀ ਗਿਣਤੀ ’ਚ ਉਨ੍ਹਾਂ ਦੇ ਹਮਾਇਤੀਆਂ ਨੇ ਸਵਾਗਤ ਦੀ ਤਿਆਰੀ ਕੀਤੀ ਪਰ ਸਰਕਾਰ ਜਾਂ ਕਾਨੂੰਨੀ ਅੜਚਨਾਂ ਕਾਰਨ ਰਿਹਾਈ ਰੁਕ ਗਈ। ਉਨ੍ਹਾਂ ਕਿਹਾ ਕਿ ਵੈਸੇ ਤਾਂ ਉਨ੍ਹਾਂ ਦੇ ਪਿਤਾ ਦੀ 80 ਫੀਸਦੀ ਸਜ਼ਾ ਫਰਵਰੀ ਦੇ ਅੰਤ ’ਚ ਪੂਰੀ ਹੋ ਜਾਣੀ ਹੈ ਤੇ ਉਸ ਤੋਂ ਬਾਅਦ ਜੇਲ੍ਹ ਸੁਪਰਡੈਂਟ ਚੰਗਾ ਵਿਵਹਾਰ ਤੇ ਆਪਣੀ ਸਿਫਾਰਸ਼ ’ਤੇ 28 ਦਿਨ ਪਹਿਲਾਂ ਰਿਹਾਅ ਕਰ ਸਕਦੇ ਹਨ।
ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ 1988 ਦੇ ਰੋਡ ਰੇਜ ਕੇਸ ਵਿਚ 1 ਸਾਲ ਦੀ ਸਜ਼ਾ ਭੁਗਤ ਰਹੇ ਹਨ। ਲੰਘੀ 26 ਜਨਵਰੀ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਹੋਣ ਵਾਲੇ ਕੈਦੀਆਂ ਦੀ ਸੂਚੀ ਵਿਚ ਸਿੱਧੂ ਦਾ ਨਾਂ ਹੋਣ ਦੇ ਚਰਚਿਆਂ ਨੂੰ ਲੈ ਕੇ ਉਹ ਕਈ ਦਿਨਾਂ ਤੋਂ ਸੁਰਖੀਆਂ ਵਿਚ ਸਨ। ਕਿਹਾ ਜਾ ਰਿਹਾ ਸੀ ਕਿ ਗਣਤੰਤਰ ਦਿਵਸ ਨੂੰ ਰਿਹਾਅ ਹੋਣ ਵਾਲੇ 51 ਕੈਦੀਆਂ ਦੀ ਸੂਚੀ ਵਿਚ ਨਵਜੋਤ ਸਿੱਧੂ ਦਾ ਨਾਂ ਵੀ ਸ਼ਾਮਲ ਹੈ ਪਰ ਇਸ ਵਾਰ ਸੂਬਾ ਸਰਕਾਰ ਵੱਲੋਂ ਕਿਸੇ ਵੀ ਕੈਦੀ ਨੂੰ ਰਿਹਾਅ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਸਾਰਿਆਂ ਦੀਆਂ ਨਜ਼ਰਾਂ ਕੈਬਨਿਟ ਮੀਟਿੰਗ ‘ਤੇ ਟਿਕੀਆਂ ਸਨ ਪਰ ਇਸ ਮੀਟਿੰਗ ਵਿਚ ਵੀ ਕੈਦੀਆਂ ਦੀ ਰਿਹਾਈ ਬਾਰੇ ਕੋਈ ਫ਼ੈਸਲਾ ਨਹੀਂ ਆਇਆ।