ਭਾਜਪਾ ਸਰਕਾਰ ਵਲੋਂ ਕੇਰਲਾ ਸਰਕਾਰ ਅਤੇ ਹਿਮਾਚਲ ਪ੍ਰਦੇਸ਼ ਦੀ ਉਧਾਰ ਸੀਮਾ ਘਟਾਉਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਦੀ ਵੀ ਉਧਾਰ ਲੈਣ ਦੀ ਹੱਦ 18,000 ਕਰੋੜ ਰੁਪਏ ਘਟਾ ਦਿੱਤੀ ਹੈ। ਕੇਂਦਰੀ ਵਿੱਤ ਮੰਤਰਾਲੇ ਵਲੋਂ ਇਹ ਫੈਸਲਾ ਲਿਆ ਗਿਆ ਹੈ। ਮੋਦੀ ਸਰਕਾਰ ਨੇ ਪੰਜਾਬ ਸਰਕਾਰ ਦੀ ਉਧਾਰ ਲੈਣ ਦੀ ਹੱਦ 18,000 ਕਰੋੜ ਰੁਪਏ ਘਟਾ ਦਿੱਤੀ ਹੈ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਕਾਰਨ ਆਪ ਪਾਰਟੀ ਦੀ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ਕੁੱਲ ਘਰੇਲੂ ਪੈਦਾਵਾਰ ਦਾ ਤਿੰਨ ਪ੍ਰਤੀਸ਼ਤ ਉਧਾਰ ਲੈਣ ਦੀ ਹੱਦ ਬਣਦਾ ਹੈ। ਆਂਕੜਿਆਂ ਮੁਤਾਬਕ ਪੰਜਾਬ ਦੀ ਕਰਜ਼ਾ ਹੱਦ ਸਾਲਾਨਾ 39,000 ਕਰੋੜ ਰੁਪਏ ਬਣਦੀ ਹੈ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਪੰਜਾਬ ਦੀ ਸਾਲਾਨਾ ਉਧਾਰ ਲੈਣ ਦੀ ਹੱਦ 18,000 ਕਰੋੜ ਰੁਪਏ ਘਟ ਹੋ ਜਾਣ ਤੋਂ ਬਾਅਦ ਸਿਰਫ਼ 21,000 ਕਰੋੜ ਰੁਪਏ ਹੀ ਰਹਿ ਗਈ ਹੈ। ਭਾਵ ਪੰਜਾਬ ਸਰਕਾਰ ਹੁਣ ਸਿਰਫ਼ 21,000 ਕਰੋੜ ਰੁਪਏ ਤੱਕ ਦਾ ਹੀ ਕਰਜ਼ਾ ਲੈ ਸਕੇਗੀ। ਦੂਜੇ ਪਾਸੇ ਭਾਜਪਾ ਦੀ ਕੇਂਦਰ ਸਰਕਾਰ ਨੇ ਪੂੰਜੀ ਸੰਪਤੀਆਂ ਦੇ ਵਿਕਾਸ ਲਈ ਪੰਜਾਬ ਨੂੰ ਦਿੱਤੀ ਜਾਣ ਵਾਲੀ 2600 ਕਰੋੜ ਰੁਪਏ ਦੀ ਸਾਲਾਨਾ ਗਰਾਂਟ ਵੀ ਬੰਦ ਕਰ ਦਿੱਤੀ ਹੈ। ਪੰਜਾਬ ਸਰਕਾਰ ਇਸ ਫੰਡ ਦੀ ਵਰਤੋਂ ਇਨਫਰਾਸਟਰੱਕਚਰ ਦੇ ਵਿਕਾਸ ਲਈ ਕਰਦੀ ਹੈ।
ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਕਿਉਂਕਿ ਪੰਜਾਬ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਹੈ। ਕੇਂਦਰ ਸਰਕਾਰ ਨੂੰ ਖ਼ਦਸ਼ਾ ਹੈ ਕਿ ਹੁਣ ਪੰਜਾਬ ਸਰਕਾਰ ਵਲੋਂ ਮਿਲਣ ਵਾਲਾ ਰਾਜ ਪੈਨਸ਼ਨ ਫੰਡ ਅਤੇ ਵਿਕਾਸ ਅਥਾਰਟੀ ਤਹਿਤ ਮਿਲਣ ਵਾਲਾ ਸਾਲਾ 3000 ਕਰੋੜ ਰੁਪਏ ਦਾ ਫੰਡ ਵੀ ਮਿਲਣਾ ਬੰਦ ਹੋ ਜਾਵੇਗਾ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦਰਮਿਆਨ ਕਈ ਮੁੱਦਿਆਂ ਨੂੰ ਲੈ ਕੇ ਤਕਰਾਰ ਚਲ ਰਹੀ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ‘ਪੂੰਜੀਗਤ ਖ਼ਰਚੇ’ ਦੇ ਨਿਯਮਾਂ ਦੀ ਉਲੰਘਣਾ ਕਰ ਰਹੀ ਹੈ। ਦੂਜੇ ਪਾਸੇ ਕੇਂਦਰ ਸਰਕਾਰ ਕੌਮੀ ਸਿਹਤ ਮਿਸ਼ਨ ਦੇ ਕਰੀਬ 800 ਕਰੋੜ ਦੇ ਫ਼ੰਡ ਨੂੰ ਵੀ ਜਾਰੀ ਨਹੀਂ ਕਰ ਰਹੀ ਹੈ। ਕੇਂਦਰ ਸਰਕਾਰ ਨੇ ਇਤਰਾਜ਼ ਜ਼ਾਹਰ ਕੀਤਾ ਹੈ ਕਿ ਆਯੂਸ਼ਮਾਨ ਭਾਰਤ ਹੈਲਥ ਐਂਡ ਵੈਲਨੈੱਸ ਸੈਂਟਰਾਂ ਦਾ ਨਾਮ ‘ਆਮ ਆਦਮੀ ਕਲੀਨਿਕ’ ਰੱਖਿਆ ਗਿਆ ਹੈ ਅਤੇ ਇਨ੍ਹਾਂ ਇਮਾਰਤਾਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਲਾਈ ਗਈ ਹੈ। ਸਿਹਤ ਮੰਤਰੀ ਡਾ. ਬਲਵੀਰ ਸਿੰਘ ਇਹ ਮਾਮਲਾ ਕੇਂਦਰ ਸਰਕਾਰ ਸਾਹਮਣੇ ਵੀ ਰੱਖ ਚੁੱਕੇ ਹਨ।
ਦਿਹਾਤੀ ਵਿਕਾਸ ਫ਼ੰਡਾਂ ਤਹਿਤ ਮਿਲਣ ਵਾਲੇ ਲਗਭਗ ਚਾਰ ਹਜ਼ਾਰ ਕਰੋੜ ਰੁਪਏ ਵੀ ਕੇਂਦਰ ਸਰਕਾਰ ਨੇ ਅਜੇ ਤੱਕ ਪੰਜਾਬ ਸਰਕਾਰ ਨੂੰ ਜਾਰੀ ਨਹੀਂ ਕੀਤੇ ਹਨ। ਦੂਜੇ ਪਾਸੇ ਪੰਜਾਬ ਦੇ ਵਿੱਤ ਵਿਭਾਗ ਦੇ ਅਧਿਕਾਰੀ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ ਐਕਟ ਦੀ ਪਾਲਣਾ ਕਰ ਰਿਹਾ ਹੈ ਜਿਸ ਕਰਕੇ ਕਰਜ਼ਾ ਸੀਮਾ ਵਿਚ ਕੋਈ ਕਟੌਤੀ ਨਹੀਂ ਕੀਤੀ ਜਾਣੀ ਚਾਹੀਦੀ ਹੈ। ਕੇਂਦਰ ਸਰਕਾਰ ਨੇ ਕੁੱਝ ਦਿਨ ਪਹਿਲਾਂ ਕੇਰਲਾ ਸਰਕਾਰ ਲਈ ਵੀ ਉਧਾਰ ਸੀਮਾ 32,442 ਕਰੋੜ ਤੋਂ ਘਟਾ ਕੇ 15,390 ਕਰੋੜ ਕਰ ਦਿੱਤੀ ਸੀ ਅਤੇ ਇਹ ਕਟੌਤੀ ਸਾਲਾਨਾ 17052 ਕਰੋੜ ਦੀ ਬਣਦੀ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਲਈ ਵੀ ਕਰਜ਼ਾ ਲੈਣ ਦੀ ਸੀਮਾ ਸਾਲਾਨਾ 5500 ਕਰੋੜ ਰੁਪਏ ਘਟਾ ਦਿੱਤੀ ਗਈ ਹੈ।