ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਚੰਡੀਗੜ੍ਹ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਹਨਾਂ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਕੈਪਟਨ ਨੇ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਤਸਵੀਰਾਂ ਸਾਂਝੀਆਂ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਅੱਜ ਸੁਖਬੀਰ ਸਿੰਘ ਬਾਦਲ ਨਾਲ ਦਿਲੀ ਹਮਦਰਦੀ ਸਾਂਝੀ ਕੀਤੀ। ਉਹਨਾਂ ਅੱਗੇ ਕਿਹਾ ਕਿ ਬਾਦਲ ਸਾਹਿਬ ਦਾ ਦੇਹਾਂਤ ਨਾ ਸਿਰਫ਼ ਪੰਜਾਬ ਲਈ ਸਗੋਂ ਸਮੁੱਚੇ ਦੇਸ਼ ਲਈ ਵੱਡਾ ਘਾਟਾ ਹੈ।
ਦਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਮਰਹੂਮ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ਅਤੇ ਭੋਗ ਮੌਕੇ ਨਹੀਂ ਪਹੁੰਚ ਪਾਏ ਸੀ ਜਿਸ ਤੋਂ ਬਾਅਦ ਕੈਪਟਨ ਨੇ ਅੱਜ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਉਹਨਾਂ ਦੇ ਪਿਤਾ ਸ.ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ।
Leave feedback about this