ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਕੇਸਾ ਤੋਂ ਸਿਹਤ ਵਿਭਾਗ ਚਿੰਤਤ ਨਜ਼ਰ ਆ ਰਿਹਾ ਹੈ। ਚੀਨ ਤੋਂ ਇਲਾਵਾ ਵਿਦੇਸ਼ਾਂ ਵਿਚ ਵੱਧ ਰਹੇ ਕੋਰੋਨਾ ਮਾਮਲਿਆਂ ‘ਤੇ ਸਖ਼ਤ ਫੈਸਲਾ ਲੈਂਦੇ ਹੋਏ ਭਾਰਤ ਦੇ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸ਼ਨੀਵਾਰ ਨੂੰ ਕਿਹਾ ਕਿ ਚੀਨ, ਜਾਪਾਨ, ਦੱਖਣੀ ਕੋਰੀਆ, ਹਾਂਗਕਾਂਗ ਅਤੇ ਥਾਈਲੈਂਡ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਲਾਜ਼ਮੀ ਕੀਤਾ ਜਾਵੇਗਾ। ਮਾਂਡਵੀਆ ਨੇ ਕਿਹਾ ਕਿ ਜੇਕਰ ਇਨ੍ਹਾਂ ਦੇਸ਼ਾਂ ਦੇ ਕਿਸੇ ਯਾਤਰੀ ‘ਚ ਕੋਰੋਨਾ ਵਾਇਰਸ ਦੇ ਲਾਗ ਦੇ ਲੱਛਣ ਪਾਏ ਜਾਂਦੇ ਹਨ ਜਾਂ ਟੈਸਟ ‘ਚ ਲਾਗ ਦੀ ਪੁਸ਼ਟੀ ਹੁੰਦੀ ਹੈ, ਤਾਂ ਉਨ੍ਹਾਂ ਨੂੰ ਇਕਾਂਤਵਾਸ ‘ਚ ਰੱਖਿਆ ਜਾਵੇਗਾ।
ਮਾਂਡਵੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੀਨ, ਜਾਪਾਨ, ਸਿੰਗਾਪੁਰ ਅਤੇ ਥਾਈਲੈਂਡ ਦੇ ਯਾਤਰੀਆਂ ਨੂੰ ‘ਏਅਰ ਸੁਵਿਧਾ’ ਪੋਰਟਲ ਜ਼ਰੀਏ ਟਰੈਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਾਮਾਰੀ ਦੀ ਸਥਿਤੀ ਨੂੰ ਵੇਖਦੇ ਹੋਏ ਚੀਨ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਬੈਂਕਾਕ ਤੋਂ ਆਉਣ ਵਾਲੇ ਯਾਤਰੀਆਂ ਨੂੰ ਆਪਣੀ ਆਰਟੀ-ਪੀਸੀਆਰ ਰਿਪੋਰਟ ਪਹਿਲਾਂ ਤੋਂ ਅਪਲੋਡ ਕਰਨੀ ਪਵੇਗੀ। ਭਾਰਤ ਆਉਣ ਤੋਂ ਬਾਅਦ ਯਾਤਰੀਆਂ ਦੀ ‘ਥਰਮਲ ਸਕ੍ਰੀਨਿੰਗ’ ਵੀ ਕੀਤੀ ਜਾਵੇਗੀ।
ਮੰਤਰੀ ਨੇ ਕਿਹਾ ਕਿ ਅਸੀਂ ਇਨ੍ਹਾਂ ਦੇਸ਼ਾਂ ਦੇ ਯਾਤਰੀਆਂ ਨੂੰ ਟੈਸਟ ਸਕਾਰਾਤਮਕ ਹੋਣ ਜਾਂ ਬੁਖਾਰ ਹੋਣ ਦੀ ਸੂਰਤ ਵਿਚ ਕੁਆਰੰਟੀਨ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਚੀਨ ਅਤੇ ਹੋਰ ਦੇਸ਼ਾਂ ਵਿਚ ਕੋਵਿਡ -19 ਦੇ ਮਾਮਲਿਆਂ ‘ਚ ਵਾਧੇ ਦੇ ਮੱਦੇਨਜ਼ਰ ਲਾਪ੍ਰਵਾਹੀ ਦੇ ਵਿਰੁੱਧ ਚੇਤਾਵਨੀ ਦਿੱਤੀ ਅਤੇ ਸਖਤ ਚੌਕਸੀ ਕਰਨ ਦੀ ਅਪੀਲ ਕੀਤੀ। ਦੱਸ ਦੇਈਏ ਕਿ ਕੇਂਦਰੀ ਸਿਹਤ ਮੰਤਰਾਲੇ ਨੇ ਪਹਿਲਾਂ ਹੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਸ਼ਨੀਵਾਰ ਤੋਂ ਹਰ ਅੰਤਰਰਾਸ਼ਟਰੀ ਉਡਾਣ ‘ਤੇ ਭਾਰਤ ਆਉਣ ਵਾਲੇ ਯਾਤਰੀਆਂ ‘ਚੋਂ ਦੋ ਫੀਸਦੀ ਯਾਤਰੀਆਂ ਦੀ ਏਅਰਪੋਰਟ ਕੋਵਿਡ ਸਕ੍ਰੀਨਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ, ਤਾਂ ਜੋ ਨਾਵਲ ਕੋਰੋਨਾਵਾਇਰਸ ਦੇ ਕਿਸੇ ਵੀ ਨਵੇਂ ਰੂਪ ਨੂੰ ਦੇਸ਼ ਵਿਚ ਦਾਖਲ ਹੋਣ ਤੋਂ ਰੋਕਿਆ ਜਾ ਸਕੇ।