ਕੌਮੀ ਇਨਸਾਫ਼ ਮੋਰਚਾ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਪੱਕਾ ਮੋਰਚਾ ਲਗਾਇਆ ਹੋਇਆ ਹੈ ਅਤੇ ਅੱਜ ਮੋਰਚੇ ਦੇ 31 ਸਿੱਖ ਆਗੂਆਂ ਵਲੋਂ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਦੀ ਰਿਹਾਇਸ਼ ਬਾਹਰ ਧਰਨਾ ਲਗਾਇਆ ਜਾਣਾ ਸੀ। ਜਿਸਨੂੰ ਲੈਕੇ 31 ਸਿੱਖ ਆਗੂ ਟਰਾਲੀ ’ਤੇ ਜਾਪ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਰਿਹਾਇਸ਼ ਬਾਹਰ ਲਗਾਤਾਰ ਧਰਨਾ ਲਗਾਉਣ ਲਈ ਰਵਾਨਾ ਹੋਏ, ਪਰ ਇਸ ਦੌਰਾਨ ਮਾਮਲਾ ਉਸ ਵਖ਼ਤ ਭੱਖ ਗਿਆ ਜਦੋਂ ਸਿੱਖ ਆਗੂਆਂ ਨੂੰ ਚੰਡੀਗੜ੍ਹ ਬਾਰਡਰ ‘ਤੇ ਪੁਲਿਸ ਅਧਿਕਾਰੀਆਂ ਵਲੋਂ ਰੋਕ ਲਿਆ ਗਿਆ ਅਤੇ ਉਹਨਾਂ ਨੂੰ ਚੰਡੀਗੜ੍ਹ ‘ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।
ਹੋਰ ਤਾਂ ਹੋਰ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਵੀ ਹਿਰਾਸਤ ਵਿਚ ਲਿਆ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਣਾਅ ਵੀ ਵੇਖਣ ਨੂੰ ਮਿਲ ਰਿਹਾ ਹੈ। ਦਸ ਦਈਏ ਕਿ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵਲੋਂ ਸੀ.ਐਮ. ਭਗਵੰਤ ਮਾਨ ਦੀ ਰਿਹਾਇਸ਼ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਪਰ ਪੁਲਿਸ ਵਲੋਂ ਉਹਨਾਂ ਨੂੰ ਚੰਡੀਗੜ੍ਹ ਬਾਰਡਰ ‘ਤੇ ਰੋਕ ਲਿਆ ਗਿਆ, ਜਿਸ ਦਾ ਸਿੱਖ ਆਗੂਆਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।