ਬੀਤੇ ਦਿਨ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਪ੍ਰਦਰਸ਼ਨਕਾਰੀਆਂ ਦੇ ਪੁਲਿਸ ਨਾਲ ਹੋਏ ਟਕਰਾਅ ਤੋਂ ਬਾਅਦ ਪੁਲਿਸ ਨੇ ਵੱਡਾ ਐਕਸ਼ਨ ਲੈਂਦੇ ਹੋਏ ਕੌਮੀ ਇਨਸਾਫ਼ ਮੋਰਚੇ ਦੇ ਮੈਂਬਰਾਂ ਖ਼ਿਲਾਫ਼ ਧਾਰਾ-307 ਤਹਿਤ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰ ਲਿਆ ਹੈ। ਇਹ FIR’s ਚੰਡੀਗੜ੍ਹ ਅਤੇ ਮੋਹਾਲੀ ਦੇ ਮਟੌਰ ਥਾਣੇ ‘ਚ ਦਰਜ ਕੀਤੀਆਂ ਗਈਆਂ ਹਨ। ਇਸ ਵਿਚ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਗੁਰਚਰਨ ਸਿੰਘ, ਬਲਵਿੰਦਰ ਸਿੰਘ, ਦਿਲਸ਼ੇਰ ਸਿੰਘ ਜੰਡਿਆਲਾ ਅਤੇ ਜਸਵਿੰਦਰ ਸਿੰਘ ਰਾਜਪੁਰਾ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ 20 ਹੋਰ ਸ਼ੱਕੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਮਾਮਲਾ ਧਾਰਾ-147, 148, 149, 186, 332, 335 ਅਤੇ ਆਰਮਜ਼ ਐਕਟ ਦੇ ਤਹਿਤ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਅਤੇ ਆਈ. ਜੀ. ਗੁਰਪ੍ਰੀਤ ਭੁੱਲਰ ਹਿੰਸਕ ਝੜਪ ਦੌਰਾਨ ਜ਼ਖਮੀ ਹੋਏ ਪੁਲਿਸ ਮੁਲਾਜ਼ਮਾਂ ਦਾ ਹਾਲ ਜਾਨਣ ਲਈ ਹਸਪਤਾਲ ਪਹੁੰਚੇ, ਜੋ ਕਿ ਮੋਹਾਲੀ ਦੇ ਫੇਜ਼-6 ਹਸਪਤਾਲ ਵਿਖੇ ਦਾਖ਼ਲ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਬੀਤੇ ਦਿਨ ਹੋਈ ਝੜਪ ਤੋਂ ਬਾਅਦ ‘ਕੌਮੀ ਇਨਸਾਫ਼ ਮੋਰਚੇ’ ਦੇ ਮੈਂਬਰਾਂ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ ਅਤੇ ਜਲਦ ਹੀ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾਣਗੀਆਂ।
ਦੱਸਣਯੋਗ ਹੈ ਕਿ ‘ਕੌਮੀ ਇਨਸਾਫ਼ ਮੋਰਚੇ’ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਧਰਨਾ ਲਾਇਆ ਹੋਇਆ ਹੈ। ਬੀਤੇ ਦਿਨ ਪ੍ਰਦਰਸ਼ਨਕਾਰੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਰਿਹਾਇਸ਼ ਵੱਲ ਰਵਾਨਾ ਹੋਣ ਦੀ ਕੋਸ਼ਿਸ਼ ਕੀਤੀ ਗਈ ਜਿਸ ਦਰਮਿਆਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕੀਤਾ ਅਤੇ ਪਾਣੀ ਦੀਆਂ ਬੁਛਾੜਾਂ ਦਾ ਵੀ ਇਸਤੇਮਾਲ ਕੀਤਾ ਗਿਆ। ਇਸ ਦੌਰਾਨ ਰੋਹ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀਆਂ ਗੱਡੀਆਂ ਭੰਨ੍ਹੀਆਂ ਅਤੇ ਉਨ੍ਹਾਂ ਨਾਲ ਪੁਲਿਸ ਦਾ ਟਕਰਾਅ ਹੋ ਗਿਆ ਅਤੇ ਕਈ ਪੁਲਿਸ ਮੁਲਾਜ਼ਮ ਜਖ਼ਮੀ ਵੀ ਹੋਏ ਜਿੰਨਾ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।