ਉੱਘੇ ਸਿੱਖ ਬੁੱਧੀਜੀਵੀ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋਫ਼ੈਸਰ ਸਰਚਾਂਦ ਸਿੰਘ ਖਿਆਲਾ ਨੂੰ ਭਾਰਤ ਸਰਕਾਰ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਵਜੋਂ ਨਿਯੁਕਤ ਕੀਤਾ ਹੈ। ਇਸ ਦੌਰਾਨ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਦੀ ਯੋਗਤਾ ਨੂੰ ਧਿਆਨ ‘ਚ ਰੱਖਦੇ ਹੋਏ ਕੀਤੀ ਗਈ ਹੈ। ਉਹ ਆਪਣੇ ਸੂਬੇ ‘ਚ ਸਬੰਧਿਤ ਘੱਟ ਗਿਣਤੀ ਭਾਈਚਾਰਿਆਂ ਦੇ ਮੁੱਦਿਆਂ ਨੂੰ ਸਰਕਾਰ ਤਕ ਪਹੁੰਚਾਉਣਗੇ ਅਤੇ ਉਨ੍ਹਾਂ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਕਮਿਸ਼ਨ ਨੂੰ ਆਪਣੀਆਂ ਸਲਾਹ ਦੇਣਗੇ।
ਲਾਲਪੁਰ ਨੇ ਕਿਹਾ ਕਿ ਮੌਜੂਦਾ ਸਮੇਂ ਸਿੱਖ ਘੱਟ ਗਿਣਤੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਨੂੰ ਢੁਕਵੇਂ ਸਾਧਨਾਂ ਰਾਹੀਂ ਚੁੱਕਣ ਅਤੇ ਉਨ੍ਹਾਂ ਦੇ ਹੱਲ ਦਾ ਰਾਹ ਲੱਭਣ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਕੋ ਮੰਸ਼ਾ ਹੈ ਕਿ ਦੇਸ਼ ਦੇ ਹਰ ਕੋਨੇ ‘ਚ ਵੱਸਦੇ ਹਰ ਭਾਈਚਾਰੇ ਦੇ ਲੋਕਾਂ ਨੂੰ ਬਰਾਬਰ ਇਨਸਾਫ਼ ਮਿਲੇ ਅਤੇ ਉਹ ਦੇਸ਼ ਅਤੇ ਸਮਾਜ ਦੀ ਤਰੱਕੀ ‘ਚ ਆਪਣੀ ਅਹਿਮ ਭੂਮਿਕਾ ਨਿਭਾ ਸਕਣ।
ਕਾਬਿਲੇਗੌਰ ਹੈ ਕਿ ਪ੍ਰੋ. ਸਰਚਾਂਦ ਸਿੰਘ ਖਿਆਲਾ ਦਾ ਪਿਛੋਕੜ ਸਿੱਖ ਕੌਮ ਦੀ ਅਹਿਮ ਜਥੇਬੰਦੀ ਦਮਦਮੀ ਟਕਸਾਲ ਨਾਲ ਜੁੜਿਆ ਹੋਇਆ ਹੈ। ਨਾਲ ਹੀ ਉਹ ਵਿਦਿਆਰਥੀ ਜੀਵਨ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਵੀ ਰਹੇ ਹਨ। ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ( ਬਾਦਲ ) ’ਚ ਅਹਿਮ ਸੇਵਾਵਾਂ ਨਿਭਾਈਆਂ ਸਨ।