26 ਜਨਵਰੀ ਨੂੰ ਪੰਜਾਬ ਸਰਕਾਰ 400 ਹੋਰ ਮੁਹੱਲਾ ਕਲੀਨਿਕ ਪੰਜਾਬੀਆਂ ਦੇ ਸਪੁਰਦ ਕਰਨ ਜਾ ਰਹੀ ਹੈ, ਜਿਸ ਦੀ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਡਾ. ਬਲਬੀਰ ਸਿੰਘ ਵੱਲੋਂ ਮੋਹਾਲੀ ਵਿਖੇ ਇਕ ਅਹਿਮ ਪ੍ਰੈੱਸ ਕਾਨਫਰੰਸ ਕਰਕੇ ਦਿੱਤੀ ਗਈ ਹੈ। ਇਸ ਦੌਰਾਨ ਸੰਬੋਧਨ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨੂੰ ਗਾਰੰਟੀ ਦਿੱਤੀ ਸੀ ਕਿ ਇੱਥੇ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਸਾਡੀ ਸਰਕਾਰ ਵੱਲੋਂ ਬੀਤੀ 15 ਅਗਸਤ ਨੂੰ 100 ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ। ਉਨ੍ਹਾਂ ਕਿਹਾ ਕਿ ਪਿਛਲੇ 5 ਮਹੀਨਿਆਂ ਅੰਦਰ 10 ਲੱਖ ਤੋਂ ਵੱਧ ਲੋਕਾਂ ਦਾ ਇਲਾਜ ਇਨ੍ਹਾਂ ਮੁਹੱਲਾ ਕਲੀਨਿਕਾਂ ‘ਚ ਕੀਤਾ ਗਿਆ।
ਉਨ੍ਹਾਂ ਨੇ ਐਲਾਨ ਕੀਤਾ ਕਿ ਇਸੇ ਤਰਜ਼ ਤਹਿਤ 26 ਜਨਵਰੀ ਨੂੰ 400 ਹੋਰ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਹਰਪਾਲ ਚੀਮਾ ਨੇ ਕਿਹਾ ਕਿ 27 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਇਨ੍ਹਾਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਇਨ੍ਹਾਂ ਮੁਹੱਲਾ ਕਲੀਨਿਕਾਂ ਨਾਲ ਸੂਬੇ ਦੇ ਲੋਕਾਂ ਨੂੰ ਵੱਡਾ ਲਾਭ ਹੋਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਕੋਲ ਕਾਰਾਂ-ਗੱਡੀਆਂ ਹਨ, ਉਹ ਆਪਣੀ ਗੱਡੀ ‘ਚ ਮੈਡੀਕਲ ਕਿੱਟ ਜ਼ਰੂਰ ਰੱਖਣ ਤਾਂ ਜੋ ਲੋੜ ਪੈਣ ‘ਤੇ ਇਸ ਦਾ ਇਸਤੇਮਾਲ ਕੀਤਾ ਜਾ ਸਕੇ।