ਬੀਤੇ ਦਿਨੀ ਕੁਰੂਕਸ਼ੇਤਰ ‘ਚ ਛੇਵੀਂ ਪਤਾਸ਼ਾਹੀ ਦੇ ਗੁਰਦੁਆਰਾ ਸਾਹਿਬ ਵਿਚ SGPC ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਦੀ ਹਰਿਆਣਾ ‘ਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈਕੇ ਆਪਸ ਦੇ ਵਿਚ ਝੜਪ ਹੋਈ ਗਈ ਸੀ। ਜਿਸ ਦੀ ਹਰ ਪਾਸੇ ਨਿੰਦਿਆ ਹੋ ਰਹੀ ਹੈ। ਉਥੇ ਹੀ ਹੁਣ ਇਸ ਮਾਮਲੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਆਇਆ ਹੈ। ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਵੱਲੋਂ ਸਿੱਖਾਂ ਦੀ ਗ੍ਰਿਫ਼ਤਾਰੀ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਨੂੰ ਤੜਨਾ ਕਰਦਿਆਂ ਕਿਹਾ ਕਿ ਗੁਰਦੁਆਰਿਆਂ ‘ਤੇ ਕਬਜ਼ਾ ਕਰਨ ਤੋਂ ਪਹਿਲਾਂ ਗੁਰਦੁਆਰਾ ਐਕਟ 1925 ਨੂੰ ਪਾਰਲੀਮੈਂਟ ਵਿੱਚੋਂ ਡੀਨੋਟੀਫਾਈ ਕਰਵਾਏ। ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਦੀ ਪੁਲਸ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਜੁੱਤੀਆਂ ਸਮੇਤ ਦਾਖ਼ਲ ਹੋ ਕੇ ਕਬਜ਼ਾ ਕਰਨ ਤੋਂ ਰੋਕਣ ਵਾਲੇ ਉਥੋਂ ਦੇ ਸਿੱਖਾਂ ਨੂੰ ਗ੍ਰਿਫ਼ਤਾਰ ਕਰਨਾ ਨਿੰਦਨਯੋਗ ਹੈ।