ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੇ ਪੂਰੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਦਿੱਤਾ ਹੈ। ਇਸ ਘਟਨਾ ਨੂੰ ਲੈਕੇ ਜਿਥੇ ਸਿੱਖ ਸੰਗਤਾਂ ਵਲੋਂ ਧਰਨਾ ਪ੍ਰਦਰਸ਼ਨ ਲਗਾਕੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਦੂਜੇ ਪਾਸੇ ਹੁਣ ਐਸ.ਜੀ.ਪੀ.ਸੀ. ਨੇ ਆਮ ਲੋਕਾਂ ਨੂੰ ਖ਼ਾਸ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੇ ਦੁੱਖਦਾਈ ਦ੍ਰਿਸ਼ ਲੋਕ ਆਪਣੇ ਸੋਸ਼ਲ ਮੀਡੀਆ ’ਤੇ ਪੋਸਟ ਕਰ ਰਹੇ ਹਨ। ਇਸ ਨਾਲ ਮਸਲਾ ਹੱਲ ਨਹੀਂ ਹੋਵੇਗਾ ਸਗੋਂ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਰਹੇਗੀ। ਇਸ ਲਈ ਪੋਸਟ ਪਾਉਣ ਤੋਂ ਗੁਰੇਜ਼ ਕੀਤਾ ਜਾਵੇ।
ਇਸੇ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਸ ਘਟਨਾ ਦੇ ਦੋਸ਼ੀ ਵਿਅਕਤੀ ਵਿਰੁੱਧ ਮਿਸਾਲੀ ਕਾਰਵਾਈ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਤੇ ਪੰਜਾਬ ਪੁਲਸ ਨੂੰ ਸਾਈਬਰ ਸਪੇਸ ਤੋਂ ਅੱਜ ਦੀ ਘਟਨਾ ਦੇ ਪ੍ਰੇਸ਼ਾਨ ਕਰਨ ਵਾਲੇ ਦ੍ਰਿਸ਼ਾਂ ਨੂੰ ਵੀ ਹਟਾਉਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਬੇਹੱਦ ਮੰਦਭਾਗੀ ਘਟਨਾ ਵਾਪਰੀ। ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠਾਂ ਦੀ ਲੜੀ ਚੱਲ ਰਹੀ ਸੀ ਅਤੇ ਸੰਗਤ ਗੁਰੂਘਰ ‘ਚ ਨਤਮਸਤਕ ਹੋ ਰਹੀ ਸੀ। ਇਸ ਦੌਰਾਨ ਇਕ ਵਿਅਕਤੀ ਗੁਰੂਘਰ ਅੰਦਰ ਦਾਖ਼ਲ ਹੋ ਕੇ ਪਾਠੀ ਸਿੰਘ ਵੱਲ ਇਸ਼ਾਰਾ ਕਰਦਾ ਹੈ ਅਤੇ ਅੱਗੇ ਆ ਕੇ ਪਾਠੀ ਸਿੰਘ ‘ਤੇ ਹਮਲਾ ਕਰ ਦਿੰਦਾ ਹੈ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ‘ਚ ਕੈਦ ਹੋ ਗਈ।