December 5, 2023
India Politics Punjab

ਚੰਡੀਗੜ੍ਹ ਦਾ ਇੱਕ ਇੰਚ ਵੀ ਹਿਮਾਚਲ ਪ੍ਰਦੇਸ਼ ਜਾਂ ਹਰਿਆਣਾ ਨੂੰ ਨਹੀਂ ਜਾ ਸਕਦਾ: ਪ੍ਰਤਾਪ ਸਿੰਘ ਬਾਜਵਾ

ਹਾਲ ਹੀ ਵਿਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਚੰਡੀਗੜ੍ਹ ‘ਤੇ ਇਕ ਵਾਰ ਫਿਰ ਆਪਣਾ ਦਾਅਵਾ ਜਤਾਉਂਦੇ ਹੋਏ ਅਤੇ ਬੀਬੀਐਮਬੀ ਪ੍ਰੋਜੈਕਟ ਤੋਂ ਰਾਇਲਟੀ ਲੈਣ ਲਈ ਖੇਤੀਬਾੜੀ ਮੰਤਰੀ ਚੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਜੋ ਸਰਕਾਰ ਨੂੰ ਬੀਬੀਐੱਮਬੀ ਪ੍ਰਾਜੈਕਟ ਤੋਂ ਰਾਇਲਟੀ ਲੈਣ ਜਾਂ ਬਿਜਲੀ ਦੇ ਰੂਪ ‘ਚ ਹਿੱਸੇਦਾਰੀ ਵਧਾਉਣ ਦੇ ਸੁਝਾਅ ਦੇਵੇਗੀ ਅਤੇ ਦੱਸੇਗੀ ਕਿ ਹਿਮਾਚਲ ਨੂੰ ਚੰਡੀਗੜ੍ਹ ਵਿਚ ਆਪਣਾ ਹਿੱਸਾ ਕਿਵੇਂ ਦਿਵਾਉਣਾ ਹੈ।

ਇਸ ਨੂੰ ਲੈਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਵਿਰੋਧੀ ਧਿਰਾਂ ਵਲੋਂ ਇਹ ਸਪਸ਼ਟ ਕੀਤਾ ਜਾ ਰਿਹਾ ਹੈ ਕਿ ਉਹ ਚੰਡੀਗੜ੍ਹ ‘ਚ ਹਰਿਆਣਾ ਅਤੇ ਹਿਮਾਚਲ ਨੂੰ ਹਿੱਸੇਦਾਰੀ ਨਹੀਂ ਦੇਣਗੇ। ਪੰਜਾਬ ਕਾਂਗਰਸ ਦੇ ਨੇਤਾ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਪਸ਼ਟ ਤੌਰ ‘ਤੇ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਨਾਲ ਮਿਲ ਕੇ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਹਮੇਸ਼ਾ ਦ੍ਰਿੜ ਰਹਿਣਗੇ ਅਤੇ ਚੰਡੀਗੜ੍ਹ ‘ਤੇ ਪੰਜਾਬ ਦੇ ਅਧਿਕਾਰਾਂ ਦੀ ਮਜ਼ਬੂਤੀ ਨਾਲ ਰੱਖਿਆ ਕਰਨ ਲਈ ਵਚਨਬੱਧ ਹਨ। ਬਾਜਵਾ ਨੇ ਅੱਗੇ ਕਿਹਾ, “ਮੇਰਾ ਅਤੇ ਮੇਰੀ ਪਾਰਟੀ ਦਾ ਸਟੈਂਡ ਬਿਲਕੁਲ ਸਪਸ਼ਟ ਹੈ ਕਿ ਚੰਡੀਗੜ੍ਹ ਦਾ ਇੱਕ ਇੰਚ ਵੀ ਹਿਮਾਚਲ ਪ੍ਰਦੇਸ਼ ਜਾਂ ਹਰਿਆਣਾ ਨੂੰ ਨਹੀਂ ਜਾ ਸਕਦਾ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਉਹ ਪੰਜਾਬ ਦੇ ਹਿਤਾਂ ਨਾਲ ਜੁੜੇ ਮੁੱਦਿਆਂ ‘ਤੇ ਕਦੇ ਵੀ ਚੁੱਪ ਨਹੀਂ ਰਹੇ। ਇਸ ਦੇ ਉਲਟ, ਇਹ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੈ ਜਿਸ ਨੇ ਰਾਜਧਾਨੀ ਅਤੇ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਇੱਕ ਬਿਆਨ ਰਾਹੀਂ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪਹਿਲਾਂ ਹੀ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਦਾ ਤਿਆਗ ਕਰ ਦਿੱਤਾ ਹੈ। ਮਾਨ ਨੇ ਅਜੇ ਤੱਕ ਆਪਣਾ 9 ਜੁਲਾਈ, 2022 ਦਾ ਟਵੀਟ ਡਿਲੀਟ ਨਹੀਂ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਵੱਖਰੇ ਪੰਜਾਬ ਵਿਧਾਨ ਸਭਾ ਲਈ ਕੇਂਦਰ ਤੋਂ ਚੰਡੀਗੜ੍ਹ ਵਿੱਚ ਜ਼ਮੀਨ ਦੇ ਟੁਕੜੇ ਦੀ ਮੰਗ ਕੀਤੀ ਸੀ। ਇਸ ਦਾ ਮਤਲਬ ਇਹ ਹੈ ਕਿ ਮਾਨ ਅਜੇ ਵੀ ਉਸ ਟਵੀਟ ਦੇ ਹੱਕ ਵਿੱਚ ਹਨ, ਜੋ ਅਸਲ ਵਿੱਚ ਪੰਜਾਬ ਦੇ ਕੇਸ ਨੂੰ ਕਮਜ਼ੋਰ ਕਰਦਾ ਹੈ।

ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਕਦੇ ਵੀ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਹੱਕਾਂ ਦਾ ਮਾਮਲਾ ਮਜ਼ਬੂਤੀ ਨਾਲ ਪੇਸ਼ ਨਹੀਂ ਕੀਤਾ। ਜੁਲਾਈ 2022 ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਇੱਕ ਮੀਟਿੰਗ ਵਿੱਚ, ‘ਆਪ’ ਸਰਕਾਰ ਦੇ ਕੈਬਨਿਟ ਮੰਤਰੀਆਂ, ਹਰਜੋਤ ਸਿੰਘ ਬੈਂਸ ਅਤੇ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਦਰਿਆਈ ਪਾਣੀਆਂ ਦਾ ਮੁਲਾਂਕਣ ਕਰਨ ਲਈ ਇੱਕ ਨਵੇਂ ਟ੍ਰਿਬਿਊਨਲ ਦੀ ਮੰਗ ਕੀਤੀ ਸੀ ਜਿਸ ਨੇ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕੀਤਾ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਹੋਈਆਂ ਮੀਟਿੰਗਾਂ ਵਿੱਚ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਅਧਿਕਾਰਾਂ ਦਾ ਦਾਅਵਾ ਕਰਨ ਲਈ ਕਦੇ ਵੀ ਰਿਪੇਰੀਅਨ ਕਾਨੂੰਨ ਦਾ ਹਵਾਲਾ ਨਹੀਂ ਦਿੱਤਾ”।

ਮੁੱਖ ਮੰਤਰੀ ਮਾਨ ‘ਤੇ ਸਵਾਲਾਂ ਦੀ ਝੜੀ ਲਾਉਂਦਿਆਂ ਬਾਜਵਾ ਨੇ ਕਿਹਾ ਕਿ ਉਨ੍ਹਾਂ (ਮਾਨ) ਨੂੰ ਹੁਣ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਹੁਣ ਤੱਕ ਕੀ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਵਿੱਚ ‘ਆਪ’ ਦਿੱਲੀ ਵੱਲੋਂ ਭੇਜੇ ਗਏ ‘ਪਿਆਦਿਆਂ’ ਦੇ ਦਖ਼ਲ ਤੋਂ ਬਿਨਾਂ ਪੰਜਾਬ ਸਰਕਾਰ ਆਪਣੇ ਆਪ ਕੰਮ ਕਰ ਰਹੀ ਹੈ। ਉਹਨਾਂ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਅਸਲ ਵਿੱਚ, ਰਬੜ ਦੀ ਮੋਹਰ ਤੋਂ ਵੱਧ ਕੁਝ ਵੀ ਨਹੀਂ ਹਨ। ਇਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਨ ਜੋ ਆਪਣੇ ਨੇੜਲੇ ਵਿਸ਼ਵਾਸਪਾਤਰਾਂ ਰਾਹੀਂ ਪੰਜਾਬ ਸਰਕਾਰ ਚਲਾ ਰਹੇ ਹਨ”।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X