December 5, 2023
Politics Punjab

ਜਥੇਦਾਰ ਦੇ ਅਲਟੀਮੇਟਮ ਤੋਂ ਬਾਅਦ ਗਰਮਾਈ ਸਿਆਸਤ, ਆਹਮੋ-ਸਾਹਮਣੇ ਹੋਏ CM ਮਾਨ ਤੇ ਗਿ. ਹਰਪ੍ਰੀਤ ਸਿੰਘ

ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੱਖ ਵਿਦਵਾਨਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਦੀ ਜ਼ਰੂਰੀ ਇਕੱਤਰਤਾ ਹੋਈ। ਬੈਠਕ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ 24 ਘੰਟੇ ਅੰਦਰ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ। ਨਾਲ ਹੀ ਉਨ੍ਹਾਂ ਕਿਹਾ ਸੀ ਕਿ ਸਾਰੇ ਨੌਜਵਾਨਾਂ ਉਪਰ ਲਾਏ ਗਏ ਕੌਮੀ ਸੁਰੱਖਿਆ ਐਕਟ ਨੂੰ ਤੁਰੰਤ ਹਟਾਇਆ ਜਾਵੇ। ਹੁਣ 24 ਘੰਟਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ।

ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਸਾਰਿਆਂ ਨੂੰ ਪਤਾ ਹੈ ਕਿ ਤੁਸੀਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ ਹੈ ਤੇ ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗ਼ਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ, ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ।

ਇਸ ਤੋਂ ਬਾਅਦ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਪਲਟਵਾਰ ਕਰਦਿਆਂ ਪੋਸਟ ਸ਼ੇਅਰ ਕਰਕੇ ਇਕ ਬਿਆਨ ਜਾਰੀ ਕੀਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ, ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ, ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ ਜਿਹਾ ਨੁਮਾਇੰਦਾ ਹਾਂ। ਉਨ੍ਹਾਂ ਅੱਗੇ ਲਿਖਿਆ ਕਿ ਮੈਨੂੰ ਵੀ ਆਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫ਼ਰਜ਼ ਵੀ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਤੁਸੀਂ ਠੀਕ ਕਿਹਾ ਕਿ ਅਕਸਰ ਹੀ ਭੋਲੇ-ਭਾਲੇ ਧਾਰਮਿਕ ਲੋਕਾਂ ਨੂੰ ਸਿਆਸੀ ਲੋਕ ਵਰਤ ਜਾਂਦੇ ਹਨ ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ। ਉਨ੍ਹਾਂ ਕਿਹਾ ਕਿ ਪਰ ਤੁਸੀਂ ਧਿਆਨ ਰੱਖੋ ਕਿ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰੱਖਣ ਲਈ ਆਪ ਜੀ ਵਰਗੇ ਸਿਆਸੀ ਲੋਕਾਂ ਨੂੰ ਸਿਆਸੀ ਲੋਕ ਨਾ ਵਰਤ ਜਾਣ। ਸਿਆਸਤ ਲਈ ਸੰਵਾਦ ਬਾਅਦ ’ਚ ਕਰਾਂਗੇ। ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨ੍ਹਾਂ ਦੇ ਜੇਲ੍ਹੀਂ ਡੱਕੇ ਨਿਰਦੋਸ਼ ਪੁੱਤਾਂ ਨਾਲ ਮਿਲਾਈਏ ਤੇ ਅਸੀਸ ਲਈਏ। ਵਾਹਿਗੁਰੂ ਭਲੀ ਕਰੇ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X