ਕਾਂਗਰਸ ਦੇ ਜਲੰਧਰ ਤੋਂ ਲੋਕ ਸਭਾ ਮੈਂਬਰ ਦੀ ਚੌਧਰੀ ਸੰਤੋਖ ਸਿੰਘ ਦੀ ਮੌਤ ਹੋਣ ਤੋਂ ਬਾਅਦ ਜਲੰਧਰ ਦੀ ਲੋਕ ਸਭਾ ਸੀਟ ਖਾਲ੍ਹੀ ਸੀ। ਜਿਸ ਤੋਂ ਬਾਅਦ ਹੁਣ ਜਲੰਧਰ ਵਿਚ ਜ਼ਿਮਣੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਚੋਣ ਕਮਿਸ਼ਨ ਵਲੋਂ ਇਸ ਦਾ ਐਲਾਨ ਕੀਤਾ ਗਿਆ ਹੈ। ਚੋਣ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਵਿਚ ਜ਼ਿਮਣੀ ਚੋਣਾਂ 10 ਮਈ ਨੂੰ ਹੋਣਗੀਆਂ ਅਤੇ ਇਸ ਦਾ ਨਤੀਜਾ 13 ਮਈ ਨੂੰ ਆਵੇਗਾ। ਦਸ ਦਈਏ ਕਿ ਕਮਿਸ਼ਨ ਵਲੋਂ ਜ਼ਿਮਨੀ ਚੋਣ ਦੀ ਤਾਰੀਖ਼ ਦੇ ਐਲਾਨ ਦੇ ਨਾਲ ਹੀ ਜਲੰਧਰ ਵਿਚ ਚੋਣ ਜ਼ਾਬਤਾ ਲੱਗ ਗਿਆ ਹੈ।
ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਥੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਵੇਂ ਕਾਂਗਰਸ ਨੇ ਉਮਦੀਵਾਰ ਨੂੰ ਮੈਦਾਨ ਵਿਚ ਉਤਾਰ ਦਿੱਤਾ ਹੈ ਪਰ ਅਜੇ ਤਕ ਹੋਰ ਕਿਸੇ ਪਾਰਟੀ ਨੇ ਇਥੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਇਥੋਂ ਤਕ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਵੀ ਇਥੇ ਅਜੇ ਤਕ ਉਮੀਦਵਾਰ ਨਹੀਂ ਐਲਾਨਿਆ ਹੈ।
ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦਾ ਲੰਘੀਂ 14 ਜਨਵਰੀ ਨੂੰ ਉਸ ਸਮੇਂ ਦੇਹਾਂਤ ਹੋ ਗਿਆ ਸੀ ਜਦੋਂ ਉਹ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਸੁਰੱਖਿਆ ਦਸਤੇ ਵਲੋਂ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।