10 ਮਈ ਨੂੰ ਹੋਣ ਜਾ ਰਹੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਭਖ ਚੁੱਕੀ ਹੈ ਅਤੇ ਆਗੂਆਂ ਵਿਚ ਪਾਰਟੀ ਦੀ ਅਦਲਾ-ਬਦਲੀ ਵੀ ਲਗਾਤਾਰ ਜਾਰੀ ਹੈ। ਇਸ ਦਰਮਿਆਨ ਆਮ ਆਦਮੀ ਪਾਰਟੀ ਦਾ ਦਾਇਰਾ ਉਸ ਵਖ਼ਤ ਹੋਰ ਵੱਡਾ ਹੋ ਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਕੇ ਸੀਨੀਅਰ ਆਗੂ ਚੰਦਨ ਗਰੇਵਾਲ ਆਪਣੇ ਬਾਕੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਚੰਦਨ ਗਰੇਵਾਲ ਨੂੰ ਜਲੰਧਰ ਵਿਖੇ ‘ਆਪ’ ਵਿਚ ਸ਼ਾਮਲ ਕਰਵਾਇਆ ਹੈ।
ਇਥੇ ਦੱਸ ਦੇਈਏ ਕਿ ਅਕਾਲੀ ਦਲ ਤੋਂ ਪਹਿਲਾਂ ਚੰਦਨ ਗਰੇਵਾਲ ਆਮ ਆਦਮੀ ਪਾਰਟੀ ਵਿਚ ਹੀ ਸਨ ਅਤੇ 2017 ਦੀਆਂ ਚੋਣਾਂ ਦੌਰਾਨ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਕਰਤਾਰਪੁਰ ਤੋਂ ਟਿਕਟ ਵੀ ਦਿੱਤੀ ਸੀ ਪਰ ਉਹ ਹਾਰ ਗਏ ਸਨ। ਸਾਲ 2022 ਦੀਆਂ ਚੋਣਾਂ ਵਿਚ ਉਹ ਅਕਾਲੀ ਦਲ ਵਿਚ ਚਲੇ ਗਏ ਸਨ। ਹੁਣ ਫਿਰ ਤੋਂ ਉਨ੍ਹਾਂ ਦੀ ਆਮ ਆਦਮੀ ਪਾਰਟੀ ਵਿਚ ਘਰ ਵਾਪਸੀ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ਲਈ 10 ਮਈ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ । ਜ਼ਿਮਨੀ ਚੋਣ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਇਥੇ ਇਹ ਵੀ ਦਸਣਾ ਬਣਦਾ ਹੈ ਕਿ ਅੱਜ ਸਵੇਰੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਰਹੇ ਚਰਨਜੀਤ ਸਿੰਘ ਅਟਵਾਲ ਵੀ ਅਕਾਲੀ ਦਲ ਦਾ ਸਾਥ ਛੱਡਕੇ ਭਾਜਪਾ ਵਿਚ ਸ਼ਾਮਲ ਹੋਏ ਸੀ।