ਕਾਂਗਰਸ ਪਾਰਟੀ ‘ਚੋਂ ਕੱਢੇ ਜਾਣ ਤੋਂ ਬਾਅਦ ਬੀਤੇ ਕੱਲ੍ਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ‘ਆਪ’ ਪੰਜਾਬ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਬਣਾਕੇ ਨਿਵਾਜਿਆ ਹੈ। ਹੁਣ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ‘ਆਪ’ ਦੀ ਤਰਫੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲੜਣਗੇ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਟਵੀਟ ਕਰਕੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਬੁੱਧਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਰਿੰਕੂ ਨੂੰ ਫਗਵਾੜਾ ਦੇ ਐੱਲ. ਪੀ. ਯੂ. ਵਿਖੇ ਰੱਖੇ ਗਏ ਇਕ ਪ੍ਰੋਗਰਾਮ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਫਗਵਾੜਾ ਵਿੱਚ ਯੋਗਸ਼ਾਲਾ ਦਾ ਉਦਘਾਟਨ ਕੀਤਾ ਗਿਆ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਸ਼ੀਲ ਰਿੰਕੂ ਦਾ ਪਾਰਟੀ ਵਿਚ ਆਉਣ ‘ਤੇ ਸਵਾਗਤ ਕੀਤਾ ਸੀ। ਉਨ੍ਹਾਂ ਕਿਹਾ ਕਿ ਸੁਸ਼ੀਲ ਰਿੰਕੂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਮਗਰੋਂ ਸੁਸ਼ੀਲ ਰਿੰਕੂ ਨੇ ਕਿਹਾ ਕਿ ਸੀ ਮੈਂ ‘ਆਪ’ ਸੁਪਰੀਮੋ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਘਵ ਚੱਢਾ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਮੇਰੇ ‘ਤੇ ਵਿਸ਼ਵਾਸ ਕਰਕੇ ਮੈਨੂੰ ਪਾਰਟੀ ‘ਚ ਸ਼ਾਮਲ ਕੀਤਾ ਅਤੇ ਮੈਂ ਭਰੋਸਾ ਦਿਵਾਉਂਦਾ ਹਾਂ ਕਿ ਮੈਂ ਪਾਰਟੀ ਨੂੰ ਹੋਰ ਬੁਲੰਦੀਆਂ ‘ਤੇ ਪਹੁੰਚਾਵਾਂਗਾ। ਮੀਡੀਆ ਨੂੰ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਪਰਿਵਾਰ ਦਿਨੋ-ਦਿਨ ਵਧਦਾ ਅਤੇ ਮਜ਼ਬੂਤ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਦੇਸ਼ ਦੀ ਸੇਵਾ ਕਰਨਾ ਚਾਹੁੰਦੇ ਹਨ, ਉਨ੍ਹਾਂ ਦਾ ‘ਆਪ’ ਵਿਚ ਹਮੇਸ਼ਾ ਸਵਾਗਤ ਹੈ। ਇਕ ਵੱਡੇ ਪਰਿਵਾਰ ਦੇ ਨਾਲ ਅਸੀਂ ਲੋਕਾਂ ਦੀ ਬਿਹਤਰ ਸੇਵਾ ਕਰ ਸਕਾਂਗੇ।
ਇਥੇ ਇਹ ਵੀ ਦੱਸਣਯੋਗ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਖ਼ਿਲਾਫ਼ ਬੁੱਧਵਾਰ ਕਾਂਗਰਸ ਹਾਈਕਮਾਨ ਨੇ ਵੱਡਾ ਐਕਸ਼ਨ ਲੈਂਦੇ ਹੋਏ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਸੀ। ਇਸ ਦੀ ਜਾਣਕਾਰੀ ਹਰੀਸ਼ ਚੌਧਰੀ ਵੱਲੋਂ ਦਿੱਤੀ ਗਈ ਸੀ। ਪਾਰਟੀ ਵੱਲੋਂ ਇਹ ਐਕਸ਼ਨ ਰਿੰਕੂ ਵੱਲੋਂ ਪਾਰਟੀ ਵਿਰੋਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੋਂ ਬਾਅਦ ਲਿਆ ਗਿਆ। ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦਾ ਨਤੀਜਾ ਐਲਾਨਿਆ ਜਾਵੇਗਾ।