ਜਿਨਸੀ ਸੋਸ਼ਣ ਅਤੇ ਡਰਾਉਣ-ਧਮਕਾਉਣ ਨੂੰ ਲੈਕੇ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਐੱਫ.ਆਈ.ਆਰ. ਦਰਜ ਕਰਨ ਨੂੰ ਲੈਕੇ ਪਹਿਲਵਾਨਾਂ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਰਜ ਕਰਵਾਈ ਸੀ ਜਿਸ ‘ਤੇ ਅੱਜ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀ ਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਪੀਐਸ ਨਰਸਿਮਹਾ ਦੇ ਬੈਂਚ ਨੇ ਅਹਿਮ ਫ਼ੈਸਲਾ ਲੈਂਦਿਆਂ ਇਸ ਕੇਸ ਨੂੰ ਹੁਣ ਬੰਦ ਕਰ ਦਿੱਤਾ ਹੈ।
ਦਸ ਦਈਏ ਕਿ ਦਿੱਲੀ ਪੁਲਿਸ ਨੇ ਬ੍ਰਿਜਭੂਸ਼ਣ ਖ਼ਿਲਾਫ਼ ਦਰਜ ਐਫਆਈਆਰ ਵਿੱਚ ਹੋਈ ਪ੍ਰਗਤੀ ਬਾਰੇ ਕੋਰਟ ਵਿਚ ਰਿਪੋਰਟ ਪੇਸ਼ ਕੀਤੀ ਅਤੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਜੱਜ ਨੇ ਕਿਹਾ ਕਿ ਇਸ ਮਾਮਲੇ ‘ਚ ਦਿੱਲੀ ਪੁਲਿਸ ਨੇ ਐੱਫ.ਆਈ.ਆਰ. ਦਰਜ ਹੋ ਗਈ ਹੈ। ਨਾਬਾਲਗ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰ ਲਏ ਗਏ ਹਨ। ਪਟੀਸ਼ਨ ਦਾ ਉਦੇਸ਼ ਐਫਆਈਆਰ ਸੀ, ਜੋ ਪੂਰੀ ਹੋ ਚੁੱਕੀ ਹੈ। ਸਾਰੇ ਸ਼ਿਕਾਇਤਕਰਤਾਵਾਂ ਨੂੰ ਸੁਰੱਖਿਆ ਵੀ ਦਿੱਤੀ ਗਈ ਹੈ। ਇਨ੍ਹਾਂ ਸਾਰੇ ਤੱਥਾਂ ਦੇ ਮੱਦੇਨਜ਼ਰ ਇਸ ਦੀ ਸੁਣਵਾਈ ਇੱਥੇ ਪੂਰੀ ਹੁੰਦੀ ਹੈ। ਜੇਕਰ ਕੋਈ ਹੋਰ ਸਮੱਸਿਆ ਆਉਂਦੀ ਹੈ ਤਾਂ ਪਹਿਲਵਾਨ ਹਾਈ ਕੋਰਟ ਜਾਂ ਸਬੰਧਤ ਮੈਜਿਸਟਰੇਟ ਦੀ ਅਦਾਲਤ ਵਿੱਚ ਜਾ ਸਕਦੇ ਹਨ।
ਦਸਣਯੋਗ ਹੈ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਐੱਫ.ਆਈ.ਆਰ. ਦਰਜ ਹੋਣ ਤੋਂ ਬਾਅਦ ਜੰਤਰ-ਮੰਤਰ ਵਿਖੇ ਧਰਨਾ ਲਗਾਕੇ ਬੈਠੇ ਪਹਿਲਵਾਨਾਂ ਵਲੋਂ ਹੁਣ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਉਹਨਾਂ ਨੂੰ ਕਈ ਸਿਆਸੀ ਆਗੂਆਂ ਅਤੇ ਕਿਸਾਨ ਨੇਤਾਵਾਂ ਦਾ ਸਮਰਥਨ ਵੀ ਮਿਲ ਰਿਹਾ ਹੈ।