ਪੰਜਾਬ ‘ਚ ਟਮਾਟਰ ਦੀ ਕਮੀ ਅਤੇ ਅਸਮਾਨੀ ਚੜ੍ਹੀਆਂ ਕੀਮਤਾਂ ਦੇ ਮੱਦੇਨਜ਼ਰ ਹੁਣ ਪੰਜਾਬ ਰਾਜ ਭਵਨ ‘ਚ ਵੀ ਟਮਾਟਰ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਰਾਜ ਭਵਨ ‘ਚ ਟਮਾਟਰ ਦੀ ਵਰਤੋਂ ‘ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਉਹਨਾਂ ਨੇ ਪੰਜਾਬ ਦੀ ਇਸ ਸਮੱਸਿਆ ਨੂੰ ਲੈ ਕੇ ਇਹ ਫੈਸਲਾ ਲਿਆ ਹੈ। ਪੰਜਾਬ ਵਿੱਚ ਖਾਣ-ਪੀਣ ਦੀਆਂ ਵਸਤੂਆਂ ਖਾਸ ਕਰਕੇ ਟਮਾਟਰ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਪੰਜਾਬ ਦੇ ਲੋਕਾਂ ਦੀ ਸਮੱਸਿਆ ਨੂੰ ਸਮਝਦਿਆਂ ਅਤੇ ਇਕਜੁੱਟਤਾ ਦਿਖਾਉਂਦੇ ਹੋਏ ਰਾਜਪਾਲ ਬੀ.ਐੱਲ. ਪੁਰੋਹਿਤ ਨੇ ਰਾਜ ਭਵਨ ‘ਚ ਟਮਾਟਰਾਂ ‘ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਲੋਕ ਟਮਾਟਰ ਦੀਆਂ ਕੀਮਤਾਂ ‘ਚ ਵਾਧੇ ਕਾਰਨ ਕਾਫੀ ਪ੍ਰੇਸ਼ਾਨ ਹਨ। ਇਸ ਦੇ ਮੁੱਖ ਕਾਰਨ ਬੇਮੌਸਮੀ ਮੀਂਹ, ਹੜ੍ਹ ਅਤੇ ਖਾਣ-ਪੀਣ ਦੀਆਂ ਵਸਤਾਂ ਦੀ ਸਪਲਾਈ ਵਿੱਚ ਵਿਘਨ ਹਨ। ਇਸ ਕਾਰਨ ਮੰਡੀ ਵਿੱਚ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਅਸਥਿਰਤਾ ਬਣੀ ਹੋਈ ਹੈ। ਇਸ ਕਾਰਨ ਰਾਜਪਾਲ ਬੀ.ਐੱਲ. ਪੁਰੋਹਿਤ ਨੇ ਇਸ ਚੁਣੌਤੀਪੂਰਨ ਸਮੇਂ ‘ਚ ਰਾਜ ਭਵਨ ‘ਚ ਟਮਾਟਰ ਦੀ ਵਰਤੋਂ ‘ਤੇ ਪਾਬੰਦੀ ਲਗਾ ਕੇ ਜ਼ਰੂਰੀ ਵਸਤੂਆਂ ਦਾ ਇਸਤੇਮਾਲ ਜ਼ਿੰਮੇਵਾਰੀ ਨਾਲ ਕਰਨਾ ਦਰਸਾਇਆ ਹੈ।
ਰਾਜਪਾਲ ਬੀਐੱਲ ਪੁਰੋਹਿਤ ਨੇ ਕਿਹਾ ਕਿ ਕਿਸੇ ਵਸਤੂ ਦੀ ਖਪਤ ਨੂੰ ਰੋਕਣ ਜਾਂ ਘਟਾਉਣ ਨਾਲ ਉਸ ਦੀ ਕੀਮਤ ‘ਤੇ ਅਸਰ ਪੈਂਦਾ ਹੈ। ਮੰਗ ਘੱਟ ਹੋਣ ‘ਤੇ ਇਸ ਦੀ ਕੀਮਤ ਆਪਣੇ ਆਪ ਹੇਠਾਂ ਆ ਜਾਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਲੋਕ ਆਪਣੇ ਘਰਾਂ ਵਿੱਚ ਟਮਾਟਰਾਂ ਦੇ ਹੋਰ ਬਦਲਾਂ ਦੀ ਵਰਤੋਂ ਕਰਕੇ ਟਮਾਟਰ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਘੱਟ ਕਰਨ ਵਿੱਚ ਸਹਿਯੋਗ ਕਰਨਗੇ।