‘ਆਪਰੇਸ਼ਨ ਅੰਮ੍ਰਿਤਪਾਲ’ ਤਹਿਤ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ਨੌਜਵਾਨਾਂ ਨੂੰ ਮਿਲਣ ਲਈ ਉਹਨਾਂ ਦੇ ਪਰਿਵਾਰਕ ਮੈਂਬਰ ਅਸਾਮ ਲਈ ਰਵਾਨਾ ਹੋ ਚੁੱਕੇ ਹਨ। ਦਸ ਦਈਏ ਕਿ SGPC 27 ਅਪ੍ਰੈਲ ਨੂੰ ਯਾਨੀ ਅੱਜ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਵਾਏਗੀ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਬੀਤੇ ਦਿਨੀਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਲੈ ਕੇ ਸ੍ਰੀ ਅੰਮ੍ਰਿਤਸਰ ਤੋਂ ਹਵਾਈ ਜਹਾਜ ਰਾਹੀਂ ਅਸਾਮ ਲਈ ਰਵਾਨਾ ਹੋਏ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਆਈ.ਟੀ. ਵਿਭਾਗ ਦੇ ਨੁਮਾਇੰਦੇ ਜਸਕਰਨ ਸਿੰਘ ਵੀ ਗਏ ਹਨ।
ਅਸਾਮ ਲਈ ਰਵਾਨਗੀ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੀ ਮੁਲਾਕਾਤ ਲਈ ਪਿਛਲੇ ਦਿਨੀਂ ਇਜਾਜ਼ਤ ਲਈ ਗਈ ਸੀ, ਜਿਸ ਤਹਿਤ ਇਸ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਵਾਈ ਰਸਤੇ ਅੱਜ ਸ੍ਰੀ ਅੰਮ੍ਰਿਤਸਰ ਤੋਂ ਰਵਾਨਗੀ ਮਗਰੋਂ ਦਿੱਲੀ ਤੋਂ ਸਵੇਰੇ ਅਸਾਮ ਲਈ ਉਡਾਣ ਲਈ ਜਾਵੇਗੀ।
ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ਵਿਖੇ ਜੇਲ੍ਹ ਵਿਚ ਨਜ਼ਰਬੰਦ 10 ਨੌਜਵਾਨਾਂ ‘ਚੋਂ ਕੁਲਵੰਤ ਸਿੰਘ ਧਾਲੀਵਾਲ, ਵਰਿੰਦਰ ਸਿੰਘ ਜੌਹਲ, ਗੁਰਮੀਤ ਸਿੰਘ ਬੁੱਕਣਵਾਲਾ, ਹਰਜੀਤ ਸਿੰਘ ਜੱਲੂਪੁਰ ਖੈੜਾ, ਭਗਵੰਤ ਸਿੰਘ ਬਾਜੇਕੇ, ਬਸੰਤ ਸਿੰਘ, ਗੁਰਇੰਦਰਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਦੇ ਇਕ-ਇਕ ਪਰਿਵਾਰਕ ਨੂੰ ਮੁਲਾਕਾਤ ਲਈ ਅਸਾਮ ਲੈਜਾਇਆ ਗਿਆ ਹੈ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਲਈ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਜ਼ਿੰਮੇਵਾਰੀ ਲਗਾਈ ਸੀ, ਜਿਨ੍ਹਾਂ ਨੇ ਕਾਨੂੰਨੀ ਟੀਮ ਦਾ ਗਠਨ ਕਰਕੇ ਡਿਬਰੂਗੜ੍ਹ ਵਿਖੇ ਜੇਲ੍ਹ ਵਿਚ ਬੰਦ ਨੌਜਵਾਨਾਂ ਨਾਲ ਮੁਲਾਕਾਤ ਕਰਨ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਮੁਲਾਕਾਤਾਂ ਲਈ ਲੋੜੀਂਦੀ ਇਜਾਜ਼ਤ ਪ੍ਰਾਪਤ ਕੀਤੀ ਹੈ।
Leave feedback about this