ਦਿੱਲੀ ਆਬਕਾਰੀ ਨੀਤੀ ਨੂੰ ਲੈਕੇ ਕੇਂਦਰੀ ਜਾਂਚ ਬਿਊਰੋ ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਬੀਤੇ ਕੱਲ੍ਹ ਪੁੱਛਗਿੱਛ ਕੀਤੀ। ਇਸ ਦੌਰਾਨ ਕਰੀਬ 9 ਘੰਟਿਆਂ ਤੱਕ ਪੁੱਛਗਿੱਛ ਕਰਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਸੀਬੀਆਈ ਦੇ ਦਫ਼ਤਰ ‘ਚੋਂ ਬਾਹਰ ਆਏ। ਇਸ ਮੌਕੇ ਉਹਨਾਂ ਨੇ ਸੰਬੋਧਨ ਕਰਦੇ ਹੋਏ ਦੱਸਿਆ ਆਬਕਾਰੀ ਨੀਤੀ ਮਾਮਲੇ ’ਚ ਉਨ੍ਹਾਂ ਨੂੰ ਤਕਰੀਬਨ 56 ਸਵਾਲ ਪੁੱਛੇ ਜਿਸ ਵਿਚ ਇਹ ਵੀ ਸ਼ਾਮਲ ਸੀ ਕਿ ਇਹ ਨੀਤੀ ਕਦੋਂ ਅਤੇ ਕਿਉਂ ਸ਼ੁਰੂ ਕੀਤੀ ਗਈ ਸੀ ਅਤੇ ਉਨ੍ਹਾਂ ਨੇ ਇਨ੍ਹਾਂ ਸਾਰਿਆਂ ਦੇ ਜਵਾਬ ਦਿੱਤੇ।
ਕੇਜਰੀਵਾਲ ਨੇ ਪੱਤਰਕਾਰਾਂ ਨੂੰ ਕਿਹਾ, ‘‘ਮੈਂ ਕਹਿਣਾ ਚਾਹੁੰਦਾ ਹਾਂ ਕਿ ਆਬਕਾਰੀ ਨੀਤੀ ਦਾ ਸਾਰਾ ਮਾਮਲਾ ਫਰਜ਼ੀ ਹੈ। ਉਨ੍ਹਾਂ ਕੋਲ ਕੋਈ ਸਬੂਤ ਨਹੀਂ ਹੈ ਕਿ ਆਮ ਆਦਮੀ ਪਾਰਟੀ ਗ਼ਲਤ ਹੈ। ਇਹ ਗੰਦੀ ਰਾਜਨੀਤੀ ਦਾ ਨਤੀਜਾ ਹੈ।’’ ਉਹ ਜਾਂਚ ਏਜੰਸੀ ਵੱਲੋਂ ਤਕਰੀਬਨ 9 ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਆਪਣੀ ਰਿਹਾਇਸ਼ ’ਤੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਤੁਹਾਨੂੰ ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਸੀਬੀਆਈ ਵੱਲੋਂ ਪੁੱਛਗਿੱਛ ਕਰਨ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵੱਡੇ ਆਗੂਆਂ ਵੱਲੋਂ ਸੀਬੀਆਈ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਪੁਲਿਸ ਨੇ ਆਪ ਆਗੂਆਂ ਦੇ ਖਿਲਾਫ ਬਲ ਦੀ ਵਰਤੋਂ ਵੀ ਕੀਤੀ। ਜਿਸ ਕਾਰਨ ਕਈ ਆਪ ਲੀਡਰ ਜ਼ਕਮੀ ਵੀ ਹੋ ਗਏ । ਜਿਨ੍ਹਾਂ ਨੂੰ ਇਲਾਜ ਕਰਵਾਉਣ ਦੇ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਦਕਿ ਜਿਨ੍ਹਾਂ ਆਪ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ । ਹਿਰਾਸਤ ‘ਚ ਲਏ ਗਏ ਆਗੂਆਂ ਵਿਚ ਸੰਜੇ ਸਿੰਘ, ਰਾਘਵ ਚੱਢਾ, ਸੌਰਭ ਭਾਰਦਵਾਜ, ਆਤਿਸ਼ੀ, ਕੈਲਾਸ਼ ਗਹਿਲੋਤ, ਆਦਿਲ ਅਹਿਮਦ ਖਾਨ, ਪੰਕਜ ਗੁਪਤਾ ਅਤੇ ਪੰਜਾਬ ਸਰਕਾਰ ਦੇ ਕੁਝ ਮੰਤਰੀ ਸ਼ਾਮਲ ਹਨ। ਮਿਲੀ ਜਾਣਕਾਰੀ ਮੁਤਾਬਕ ਆਰਚਬਿਸ਼ਪ ਰੋਡ ‘ਤੇ ਧਰਨੇ ‘ਚ ਸ਼ਾਮਲ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਆਗੂਆਂ ਨੂੰ ਹਿਰਾਸਤ ‘ਚ ਲਏ ਜਾਣ ਤੋਂ ਪਹਿਲਾਂ ਧਰਨਾ ਵਾਲੀ ਥਾਂ ਤੋਂ ਚੱਲੇ ਗਏ ਸਨ।
ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ, ਸੀਐਮ ਕੇਜਰੀਵਾਲ ਨੇ ਐਤਵਾਰ ਨੂੰ ਆਪਣੀ ਰਿਹਾਇਸ਼ ‘ਤੇ ‘ਆਪ’ ਦੇ ਚੋਟੀ ਦੇ ਨੇਤਾਵਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ਵਿੱਚ ਆਤਿਸ਼ੀ, ਕੈਲਾਸ਼ ਗਹਿਲੋਤ, ਰਾਜਕੁਮਾਰ ਆਨੰਦ, ਗੋਪਾਲ ਰਾਏ ਅਤੇ ਇਮਰਾਨ ਹੁਸੈਨ ਸਮੇਤ ਦਿੱਲੀ ਦੇ ਕਈ ਮੰਤਰੀ ਸਨ। ਮੌਜੂਦ ਸਨ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਵੀ ਮੀਟਿੰਗ ਵਿੱਚ ਸ਼ਾਮਲ ਹੋਏ। ਕੇਜਰੀਵਾਲ ਦੀ ਰਿਹਾਇਸ਼ ‘ਤੇ ਹੋਈ ਮੀਟਿੰਗ ‘ਚ ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ, ਐਨਡੀ ਗੁਪਤਾ ਅਤੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਵੀ ਮੌਜੂਦ ਸਨ।