ਦਿੱਲੀ ਦੀ ਆਬਕਾਰੀ ਨੀਤੀ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਹਨਾਂ ਕਿਹਾ ਹੈ ਕਿ ਪੰਜਾਬ ਦੇ ਮੁਖ ਮੰਤਰੀ ਨੂੰ ਵੀ ਅੰਦਰ ਕਰਨਾ ਚਾਹੀਦਾ ਹੈ, ਕਿਉਂਕਿ ਜਿਹੜੀ ਆਬਕਾਰੀ ਨੀਤੀ ਦੀ ਜਾਂਚ ਸੀਬੀਆਈ ਕਰ ਰਹੀ ਹੈ ਓਹੀ ਨੀਤੀ ਪੰਜਾਬ ‘ਚ ਲਿਆਂਦੀ ਹੈ ।
ਦਸ ਦਈਏ ਕਿ ਦਿੱਲੀ ਸ਼ਰਾਬ ਨੀਤੀ ਨੂੰ ਲੈਕੇ ਸੀਬੀਆਈ ਵਲੋਂ ਕੀਤੇ ਤਲਬ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਵਿਰੋਧੀ ਧਿਰਾਂ ਨੇ ‘ਆਪ’ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਭਗਵੰਤ ਮਾਨ ਤੋਂ ਵੀ ਪੁੱਛਗਿੱਛ ਹੋਣੀ ਚਾਹੀਦੀ ਹੈ ਕਿਉਂਕਿ ਪੰਜਾਬ ਦੀ ਆਬਕਾਰੀ ਨੀਤੀ ਵੀ ਦਿੱਲੀ ਆਬਕਾਰੀ ਨੀਤੀ ਦੀ ਤਰਜ਼ ’ਤੇ ਬਣਾਈ ਗਈ ਹੈ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸੀਬੀਆਈ ਨੇ ਜਿਸ ਤਰੀਕੇ ਨਾਲ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਦਿੱਲੀ ਆਬਕਾਰੀ ਮਾਮਲੇ ਵਿਚ ਪੁੱਛ-ਪੜਤਾਲ ਕੀਤੀ ਹੈ, ਉਸੇ ਤਰੀਕੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਵੀ ਕੀਤੀ ਜਾਵੇ।