ਦਿੱਲੀ ਸ਼ਰਾਬ ਘਪਲੇ ਦੇ ਵਿਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਬਾਅਦ ਹੁਣ ਸੀਬੀਆਈ ਦੇ ਨਿਸ਼ਾਨੇ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆ ਚੁੱਕੇ ਹਨ। ਹੁਣ ਵਿਜੀਲੈਂਸ ਦਿੱਲੀ ਸ਼ਰਾਬ ਘਪਲੇ ਮਾਮਲੇ ਵਿਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰੇਗੀ। ਸੀਬੀਆਈ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੈੱਡਕੁਆਟਰ ਵਿਖੇ ਪੇਸ਼ ਹੋਣ ਲਈ ਸੰਮਨ ਭੇਜੇ ਹਨ। ਅਰਵਿੰਦ ਕੇਜਰੀਵਾਲ ਨੂੰ 16 ਅਪ੍ਰੈਲ ਨੂੰ ਤਲਬ ਕੀਤਾ ਗਿਆ ਹੈ। ਇਸ ਦੌਰਾਨ ਅਰਵਿੰਦ ਕੇਜਰੀਵਾਲ ‘ਤੇ ਦੋਸ਼ ਲਗਾਉਂਦੇ ਹੋਏ ਭਾਜਪਾ ਨੇਤਾ ਹਰੀਸ਼ ਖੁਰਾਣਾ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੇ ਸਾਫ ਕਿਹਾ ਹੈ ਕਿ ਸਾਰਾ ਸੌਦਾ ਅਰਵਿੰਦ ਕੇਜਰੀਵਾਲ ਦੇ ਘਰ ‘ਚ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਖੁਰਾਣਾ ਨੇ ਕਿਹਾ ਕਿ ਕੇਜਰੀਵਾਲ ਆਪਣੇ ਆਪ ਨੂੰ ਪੱਕੀ ਇਮਾਨਦਾਰੀ ਦਾ ਸਰਟੀਫਿਕੇਟ ਦੇਣਾ ਬੰਦ ਕਰ ਦੇਵੇ। ਕੇਜਰੀਵਾਲ ‘ਤੇ ਨਿਸ਼ਾਨਾ ਸਾਧਦੇ ਹੋਏ ਖੁਰਾਣਾ ਨੇ ਕਿਹਾ ਕਿ ਤੁਹਾਡੇ ਘਰ ‘ਚ ਸੌਦਾ ਹੋਇਆ ਹੈ, ਤੁਹਾਨੂੰ ਜਵਾਬ ਦੇਣਾ ਪਵੇਗਾ।
ਦੂਜੇ ਪਾਸੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਕਪਿਲ ਮਿਸ਼ਰਾ ਨੇ ਕਿਹਾ ਕਿ ”ਸ਼ਰਾਬ ਘੁਟਾਲੇ ਦੇ ਮੁਲਜ਼ਮਾਂ ਨੇ ਮੰਨਿਆ ਹੈ ਕਿ ਸੌ ਵੀਡੀਓ ਕਾਲ ਕਰਨ ਤੋਂ ਬਾਅਦ ਕੇਜਰੀਵਾਲ ਨੂੰ ਪੈਸੇ ਦਿੱਤੇ ਗਏ ਸਨ। ਕੇਜਰੀਵਾਲ ਇੱਕ ਕਿਲੋ ਘਿਓ ਕਹਿ ਕੇ ਇੱਕ ਕਰੋੜ ਰੁਪਏ ਮੰਗਦਾ ਸੀ। ਉਨ੍ਹਾਂ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਹੀ ਕਹਿ ਰਹੇ ਹਾਂ ਕਿ ਮਨੀਸ਼ ਸਿਸੋਦੀਆ, ਸਤੇਂਦਰ ਜੈਨ ਅਤੇ ਕੇਜਰੀਵਾਲ ਤਿੰਨੋਂ ਭ੍ਰਿਸ਼ਟ ਅਤੇ ਹਵਾਲਾ ਦੇ ਦੋਸ਼ੀ ਹਨ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ‘ਤੇ ਆਬਕਾਰੀ ਨੀਤੀ ਮਾਮਲੇ ‘ਚ ਝੂਠੇ ਸਬੂਤ ਦੇ ਕੇ ਅਦਾਲਤ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ। ਦਿੱਲੀ ਵਿਧਾਨ ਸਭਾ ‘ਚ ਅੰਬੇਡਕਰ ਜਯੰਤੀ ਦੇ ਮੌਕੇ ‘ਤੇ ਆਯੋਜਿਤ ਪ੍ਰੋਗਰਾਮ ‘ਚ ਹਿੱਸਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੇਜਰੀਵਾਲ ਨੇ ਕਿਹਾ, ”ਈਡੀ ਲੋਕਾਂ ‘ਤੇ ਤਸ਼ੱਦਦ ਅਤੇ ਦਬਾਅ ਬਣਾ ਕੇ ਝੂਠੇ ਬਿਆਨ ਦੇ ਰਹੀ ਹੈ। ਸੰਜੇ ਸਿੰਘ ਦੇ ਕੇਸ ਵਿੱਚ ਵੀ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਨੇ ਵੱਖ-ਵੱਖ ਬਿਆਨ ਦਿੱਤੇ ਹਨ ਅਤੇ ਈਡੀ ਨੇ ਚਾਰਜਸ਼ੀਟ ਵਿੱਚ ਕੁਝ ਹੋਰ ਲਿਖਿਆ ਹੈ। ਕੇਜਰੀਵਾਲ ਨੇ ਕਿਹਾ, “ਈਡੀ ਝੂਠੇ ਸਬੂਤਾਂ ਨਾਲ ਅਦਾਲਤ ਨੂੰ ਗੁੰਮਰਾਹ ਕਰ ਰਹੀ ਹੈ, ਲੋਕਾਂ ਨੂੰ ਤਸੀਹੇ ਦੇ ਰਹੀ ਹੈ ਅਤੇ ਝੂਠੇ ਬਿਆਨ ਲੈ ਰਹੀ ਹੈ। ਇਸ ਪੂਰੇ ਮਾਮਲੇ ਵਿੱਚ ਕੁਝ ਵੀ ਨਹੀਂ ਹੈ। ਸਾਰਾ ਮਾਮਲਾ ਮਨਘੜਤ ਅਤੇ ਝੂਠੇ ਸਬੂਤਾਂ ‘ਤੇ ਆਧਾਰਿਤ ਹੈ।”