ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦਰਅਸਲ ਦਿੱਲੀ ਹਾਈਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰਦਿਆਂ ਅਦਾਲਤ ਨੇ ਕਿਹਾ ਕਿ ਮਨੀਸ਼ ਸਿਸੋਦੀਆ ਦਿੱਲੀ ਸਰਕਾਰ ‘ਚ ਪ੍ਰਭਾਵਸ਼ਾਲੀ ਅਹੁਦੇ ‘ਤੇ ਰਹੇ ਹਨ। ਅਜਿਹੇ ‘ਚ ਜ਼ਮਾਨਤ ਮਿਲਣ ‘ਤੇ ਗਵਾਹਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਤੋਂ ਇਲਾਵਾ ਅਦਾਲਤ ਨੇ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਮੀਡੀਆ ਇੰਚਾਰਜ ਵਿਜੇ ਨਾਇਰ, ਹੈਦਰਾਬਾਦ ਦੇ ਉੱਦਮੀ ਅਭਿਸ਼ੇਕ ਬੋਇਨਾਪੱਲੀ ਅਤੇ ਬਿਨੈ ਬਾਬੂ ਦੀਆਂ ਜ਼ਮਾਨਤ ਪਟੀਸ਼ਨਾਂ ਨੂੰ ਵੀ ਰੱਦ ਕਰ ਦਿੱਤਾ ਹੈ।
ਦਸਣਯੋਗ ਹੈ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਸੀਬੀਆਈ ਅਤੇ ਈਡੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ। ਸਿਸੋਦੀਆ 26 ਫਰਵਰੀ ਤੋਂ ਜੇਲ੍ਹ ਵਿੱਚ ਹਨ। ਜ਼ਿਕਰ ਕਰ ਦਈਏ ਕਿ ਦਿੱਲੀ ਸਰਕਾਰ ਨੇ 17 ਨਵੰਬਰ 2021 ਨੂੰ ਨੀਤੀ ਲਾਗੂ ਕੀਤੀ ਸੀ, ਪਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਵਿਚਕਾਰ ਸਤੰਬਰ 2022 ਦੇ ਅਖੀਰ ਵਿੱਚ ਇਸਨੂੰ ਵਾਪਸ ਲੈ ਲਿਆ ਗਿਆ ਸੀ। ਹਾਈ ਕੋਰਟ ਨੇ ਸੀਬੀਆਈ ਮਾਮਲੇ ਵਿੱਚ 30 ਮਈ ਨੂੰ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੂੰ ਈਡੀ ਨੇ 9 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਫਿਲਹਾਲ ਉਹ ਨਿਆਂਇਕ ਹਿਰਾਸਤ ਵਿੱਚ ਹਨ। ਅਦਾਲਤ ਨੇ 2 ਜੂਨ ਨੂੰ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।