SGPC ਵਲੋਂ ਲਗਾਏ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਧਾਰਮਿਕ ਰੀਤੀ ਰਿਵਾਜ਼ਾਂ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਅਹੁਦਾ ਸੰਭਾਲ ਲਿਆ ਹੈ। ਇਹ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ ਅਤੇ ਪਾਠ ਉਪਰੰਤ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਨੂੰ ਦਸਤਾਰ ਸਜਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਸਿਰੋਪਾਓ ਸਾਹਿਬ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਬੁੱਧੀਜੀਵੀ ਅਤੇ ਸਿੱਖ ਜਥੇਬੰਦੀਆਂ ਦੇ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹੋਏ ਹਨ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ-ਨਾਲ ਸਾਰੇ ਤਖ਼ਤਾਂ ਦੇ ਜਥੇਦਾਰ ਵੀ ਸ਼ਿਰਕਤ ਕਰਨ ਲਈ ਪਹੁੰਚੇ। ਅੱਜ ਇਸ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਗਿਆਨੀ ਰਘਬੀਰ ਸਿੰਘ ਨੂੰ ਬਤੌਰ ਜਥੇਦਾਰ ਅਕਾਲ ਤਖ਼ਤ ਵੱਜੋਂ ਸੇਵਾ ਸੰਭਾਲ ਦਾ ਐਲਾਨ ਕੀਤਾ ਅਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ।
ਇਸ ਮੌਕੇ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਨਵੇਂ ਐਲਾਨੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਵਜੋਂ ਅਹੁਦਾ ਤੇ ਸੇਵਾ ਸੰਭਾਲਣ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਤੋਂ ਪਹਿਲਾਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਬਾਖੁਬੀ ਆਪਣੀਆਂ ਸੇਵਾਵਾਂ ਸੰਭਾਲੀਆਂ ਹੈ। ਉਨ੍ਹਾਂ ਕਿਹਾ ਜਦੋਂ ਨਾਜ਼ੁਕ ਸਮਾਂ ਸੀ ਉਸ ਸਮੇਂ ਵੀ ਗਿਆਨੀ ਹਰਪ੍ਰੀਤ ਸਿੰਘ ਨੇ ਗੁਰੂ ਪੰਥ ਦੀ ਪਰਮਪਰਾਂ ਤਹਿਤ ਸੇਵਾ ਕੀਤੀ । ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤ੍ਰਿਗ ਕਮੇਟੀ ਤਹਿਤ ਉਨ੍ਹਾਂ ਦਾ ਪਹਿਲਾਂ ਵੀ ਧੰਨਵਾਦ ਕੀਤਾ ਸੀ ਅਤੇ ਅੱਜ ਵੀ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਗਿਆਨੀ ਰਘਬੀਰ ਸਿੰਘ ਜੀ ਨੂੰ ਬੇਨਤੀ ਕਰਦਾ ਹਾਂ ਕਿ ਬਹੁਤ ਵੱਡੀ ਪੰਥ ਦੀ ਜ਼ਿੰਮੇਵਾਰੀ ਹੈ ਤੇ ਇਹ ਜ਼ਿੰਮੇਵਾਰੀ ਚਣੌਤੀਆਂ ਭਰੀ ਹੈ ਜੋ ਸੇਵਾ ਸੰਭਾਲ ਗੁਰੂ ਜੀ ਨੇ ਤੁਹਾਨੂੰ ਦਿੱਤੀ ਹੈ।