ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਰੋਹ ਨੂੰ ਲੈਕੇ ਸਿਆਸਤ ਲਗਾਤਾਰ ਭਖਦੀ ਹੋਈ ਵਿਖਾਈ ਦੇ ਰਹੀ ਹੈ। ਜਿਥੇ ਦੇਸ਼ ਦੀਆਂ 19 ਵਿਰੋਧੀ ਪਾਰਟੀਆਂ ਨੇ 28 ਮਈ ਨੂੰ ਪੀ.ਐਮ. ਨਰਿੰਦਰ ਮੋਦੀ ਵੱਲੋਂ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਗਮ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਗਿਆ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਇਸ ਸਮਾਗਮ ‘ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ 28 ਮਈ ਨੂੰ ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ਵਿਚ ਸ਼ਾਮਲ ਹੋਣਗੇ। ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਮਾਣ ਵਾਲਾ ਮੌਕਾ ਹੈ, ਜਿਸ ਉਤੇ ਸਿਆਸਤ ਨਹੀਂ ਹੋਣੀ ਚਾਹੀਦੀ।
ਉਨ੍ਹਾਂ ਕਿਹਾ ਕਿ ‘ਆਪ’ ਰਾਸ਼ਟਰਪਤੀ ਦੇ ਮਾਣ ਸਤਿਕਾਰ ਦੀ ਗੱਲ ਕਰ ਰਹੀ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਪਹਿਲੇ ਨਾਗਰਿਕ ਦਾ ਕਿੰਨਾ ਸਤਿਕਾਰ ਕਰਦੇ ਹਨ, ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਜਦੋਂ ਉਹ ਪਹਿਲੀ ਵਾਰ ਸੂਬੇ ਦੇ ਦੌਰੇ ’ਤੇ ਆਏ ਸਨ ਤਾਂ ਮੁੱਖ ਮੰਤਰੀ ਉਨ੍ਹਾਂ ਦਾ ਸਵਾਗਤ ਕਰਨ ਤੱਕ ਨਹੀਂ ਪੁੱਜੇ ਸਨ। ਚੀਮਾ ਨੇ ਦੱਸਿਆ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਮਾਣ ਵਾਲਾ ਮੌਕਾ ਹੈ, ਜਿਸ ਉਤੇ ਸਿਆਸਤ ਨਹੀਂ ਹੋਣੀ ਚਾਹੀਦੀ।