ਬੀਤੇ ਦਿਨੀ ਪੁਲਿਸ ਨੇ ਅੰਮ੍ਰਿਤਸਰ ‘ਚ ਨਸ਼ੇ ਸਮੇਤ ਤੇਜਬੀਰ ਸਿੰਘ ਗਿੱਲ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ ਜਿਸ ‘ਤੇ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਇਲਜ਼ਾਮ ਲਾਇਆ ਕਿ ਤੇਜਬੀਰ ਸਿੰਘ ਗਿੱਲ ਅਕਾਲੀ ਆਗੂ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਇੰਡੀਆ (SOI) ਦਾ ਸਾਬਕਾ ਮੁਖੀ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਪ੍ਰੈੱਸ ਕਾਨਫਰੰਸ ਕਰਕੇ ‘ਆਪ’ ਦੇ ਸਪੀਕਰ ਮਾਲਵਿੰਦਰ ਸਿੰਘ ਕੰਗ ਵਲੋਂ ਲਗਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਹੈ।
ਅਕਾਲੀ ਦਲ ਦੇ ਆਗੂ ਅਰਸ਼ਦੀਪ ਕਲੇਰ ਨੇ ਪ੍ਰੈੱਸ ਕਾਨਫਰੰਸ ਕਰਕੇ ਤੇਜਬੀਰ ਸਿੰਘ ਨੂੰ ‘ਆਪ’ ਦਾ ਸਰਗਰਮ ਆਗੂ ਐਲਾਨ ਦਿੱਤਾ ਹੈ। ਅਰਸ਼ਦੀਪ ਕਲੇਰ ਨੇ ਦੱਸਿਆ ਕਿ ਤੇਜਬੀਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਹੀ ਪਾਰਟੀ ਤੋਂ ਦੂਰੀ ਬਣਾ ਲਈ ਸੀ। ਉਹ ਨਾ ਤਾਂ ਪਾਰਟੀ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਹੁੰਦੇ ਸਨ ਅਤੇ ਨਾ ਹੀ ਹੁਣ ਉਨ੍ਹਾਂ ਕੋਲ ਕੋਈ ਅਹੁਦਾ ਹੈ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।
ਉਨ੍ਹਾਂ ਤੇਜਬੀਰ ਸਿੰਘ ਅਤੇ ਪਨਗ੍ਰੇਨ ਦੇ ਚੇਅਰਮੈਨ ਬਲਦੇਵ ਸਿੰਘ ਮਿਆਦਿਆਂ ਦੀਆਂ ਤਸਵੀਰਾਂ ਵੀ ਦਿਖਾਈਆਂ। ਅਰਸ਼ਦੀਪ ਕਲੇਰ ਨੇ ਦੱਸਿਆ ਕਿ ਇਹ ਤੇਜਬੀਰ ਹੁਣ ਮਿਆਂਦੀਆਂ ਨਾਲ ਕਾਰਾਂ ਵਿੱਚ ਸਫ਼ਰ ਕਰਦਾ ਹੈ ਅਤੇ ਆਪਣੇ ਕਬੱਡੀ ਕੱਪ ਦਾ ਆਯੋਜਨ ਵੀ ਕਰਦਾ ਹੈ। ਪਿਛਲੇ ਦਿਨੀਂ ਪਿੰਡ ਮਿਆਦਿਆਂ ਵਿਖੇ ਕਬੱਡੀ ਕੱਪ ਕਰਵਾਇਆ ਗਿਆ ਸੀ, ਜੋ ਤੇਜਬੀਰ ਸਿੰਘ ਨੇ ਹੀ ਕਰਵਾਇਆ ਸੀ। ਉਹ ਜਲਦੀ ਹੀ ਆਮ ਆਦਮੀ ਪਾਰਟੀ ਖਿਲਾਫ ਮਾਣਹਾਨੀ ਦਾ ਦਾਅਵਾ ਕਰਨਗੇ।
ਅਰਸ਼ਦੀਪ ਕਲੇਰ ਨੇ ਤੇਜਬੀਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸਨੂੰ ਅਕਾਲੀ ਆਗੂ ਦੱਸਕੇ ਪ੍ਰੈੱਸ ਕਾਨਫਰੰਸ ਕਰਨ ਵਾਲੇ ਮਾਲਵਿੰਦਰ ਕੰਗ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਮਾਲਵਿੰਦਰ ਕੰਗ ਨੂੰ ਕੋਈ ਵੀ ਜਾਣਕਾਰੀ ਸਾਂਝੀ ਕਰਨ ਤੋਂ ਪਹਿਲਾਂ ਪੜਤਾਲ ਕਰਨੀ ਚਾਹੀਦੀ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦੇ ਹੋਏ ਕਲੇਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਨਸ਼ੇ ਸਰਕਾਰਾਂ ਵੇਚਦੀਆਂ ਹਨ। ਇਹ ਸੱਚ ਜਾਪਦਾ ਹੈ। ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਨਸ਼ਿਆਂ ਨੂੰ ਪੌੜੀ ਵਾਂਗ ਵਰਤਿਆ ਹੈ ਅਤੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ।
ਦਸ ਦਈਏ ਕਿ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ SOI ਦੇ ਜ਼ਿਲ੍ਹਾ ਪ੍ਰਧਾਨ ਦੱਸੇ ਜਾ ਰਹੇ ਤੇਜਬੀਰ ਸਿੰਘ ਗਿੱਲ ਤੋਂ ਸਮੈਕ ਅਤੇ ਤਿੰਨ ਲੱਖ ਰੁਪਏ ਦੀ ਬਰਾਮਦਗੀ ਤੋਂ ਬਾਅਦ ਬੀਤੇ ਦਿਨੀਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਇਲਜ਼ਾਮ ਲਾਇਆ ਕਿ ਤੇਜਬੀਰ ਸਿੰਘ ਗਿੱਲ ਦੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਵੀ ਨੇੜਲੇ ਸੰਬੰਧ ਹਨ। ਇਸ ਤੋਂ ਇਲਾਵਾ ਗੈਂਗਸਟਰ ਘਨਸ਼ਿਆਮ ਪੁਡੀਆ ਨਾਲ ਵੀ ਉਸ ਦੇ ਸਬੰਧ ਹਨ।