‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਲੋਂ ਜਥੇਦਾਰ ਨੂੰ ‘ਸਰਬੱਤ ਖਾਲਸਾ’ ਬੁਲਾਏ ਜਾਣ ਦੀ ਅਪੀਲ ਰੱਦ ਹੁੰਦੀ ਹੋਈ ਵਿਖਾਈ ਦੇ ਰਹੀ ਹੈ ਕਿਉਂਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਤੋਂ 13 ਅਪਰੈਲ ਤੱਕ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਨਿੱਜੀ ਸਹਾਇਕ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ 12 ਤੋਂ 13 ਅਪਰੈਲ ਤਕ ਗੁਰਮਤਿ ਸਮਾਗਮ ਉਲੀਕੇ ਹਨ। ਉਨ੍ਹਾਂ ਸੰਗਤ ਨੂੰ ਸਮਾਗਮਾਂ ਵਿੱਚ ਵੱਡੇ ਪੱਧਰ ’ਤੇ ਹਾਜ਼ਰੀ ਲਵਾਉਣ ਦਾ ਸੱਦਾ ਦਿੱਤਾ ਹੈ। ਇਸ ਐਲਾਨ ਤੋਂ ਬਾਅਦ ਮੌਕੇ ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਲਗਪਗ ਖਤਮ ਹੋ ਗਈ ਹੈ।
ਦੱਸ ਦਈਏ ਕਿ ਜਥੇਬੰਦੀ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਸੀ ਕਿ ਮੌਜੂਦਾ ਹਾਲਾਤ ਨੂੰ ਵਿਚਾਰਨ ਵਾਸਤੇ ਵਿਸਾਖੀ ਮੌਕੇ ਸਰਬੱਤ ਖਾਲਸਾ ਸੱਦਿਆ ਜਾਵੇ। ਅੰਮ੍ਰਿਤਪਾਲ ਸਿੰਘ ਇਸ ਵੇਲੇ ਪੁਲਿਸ ਦੀ ਗ੍ਰਿਫਤਾਰੀ ਤੋਂ ਬਚਣ ਲਈ ਕਿਤੇ ਲੁਕਿਆ ਹੋਇਆ ਹੈ। ਹਾਲਾਂਕਿ, ਇਸ ਮਾਮਲੇ ‘ਚ ਜਥੇਦਾਰ ਦਾ ਕੋਈ ਸਪਸ਼ਟ ਬਿਆਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ ਕਿ ਉਨ੍ਹਾਂ ਵਲੋਂ ਸਰਬੱਤ ਖਾਲਸਾ ਬੁਲਾਇਆ ਜਾਵੇਗਾ ਜਾਂ ਨਹੀਂ।