ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਸੁਨੀਲ ਜਾਖੜ ਅੱਜ ਅੰਮ੍ਰਿਤਸਰ ਪਹੁੰਚੇ। ਇੱਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੀ ਨਜ਼ਰ ਆਈ। ਜਿਸ ਵਿੱਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ, ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈਇੰਦਰ ਕੌਰ ਵੀ ਸ਼ਾਮਲ ਸਨ। ਇਸ ਦੌਰਾਨ ਜਾਖੜ ਨੇ ਕਿਹਾ ਕਿ ਇਸ ਨਵੀਂ ਪਾਰੀ ਦੀ ਸ਼ੁਰੂਆਤ ਤੋਂ ਪਹਿਲਾਂ ਉਹ ਮੱਥਾ ਟੇਕਣ ਲਈ ਗੁਰੂਘਰ ਪਹੁੰਚ ਗਏ ਹਨ। ਉਹ ਇੱਥੇ ਸਿਰਫ਼ ਪੰਜਾਬ ਦੇ ਮਸਲੇ ਉਠਾਉਣ ਅਤੇ ਗੁਰੂਆਂ ਦਾ ਆਸ਼ੀਰਵਾਦ ਲੈਣ ਆਏ ਹਨ। ਉਥੇ ਹੀ ਉਨ੍ਹਾਂ ਨੇ ਭਾਜਪਾ-ਅਕਾਲੀ ਦਲ ਗਠਜੋੜ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਹੋਰ ਸਿਆਸਤਦਾਨਾਂ ਵਾਂਗ ਗੁਰੂਘਰ ਨੂੰ ਆਪਣੇ ਸਿਆਸੀ ਲਾਹੇ ਲਈ ਨਹੀਂ ਵਰਤ ਸਕਦੇ। ਉਹ ਜਲਦੀ ਹੀ ਪ੍ਰੈਸ ਕਾਨਫਰੰਸ ਵਿੱਚ ਹਰ ਗੱਲ ਦਾ ਜਵਾਬ ਦੇਣਗੇ।
ਇਸਦੇ ਨਾਲ ਹੀ ਪੰਜਾਬ ਭਾਜਪਾ ਦੇ ਇੰਚਾਰਜ ਵਿਜੈ ਰੁਪਾਣੀ ਨੇ ਕਿਹਾ ਕਿ ਸੁਨੀਲ ਜਾਖੜ ਇਕ ਚੰਗੀ ਦਿੱਖ ਵਾਲੇ ਆਗੂ ਹਨ, ਸਾਨੂੰ ਉਮੀਦ ਹੈ ਕਿ ਉਹਨਾਂ ਦੀ ਅਗਵਾਈ ‘ਚ ਭਾਜਪਾ ਪੰਜਾਬ ‘ਚ ਮਜ਼ਬੂਤ ਹੋਵੇਗੀ। ਨਾਲ ਹੀ ਉਹਨਾਂ ਕਿਹਾ ਕਿ ਭਾਜਪਾ ਲੋਕ ਸਭਾ ਚੋਣਾਂ ਇਕੱਲੇ ਲੜੇਗੀ। ਸੁਨੀਲ ਜਾਖੜ ਨਾਲ ਹਰਿਮੰਦਰ ਸਾਹਿਬ ਪਹੁੰਚੀ ਸੀਨੀਅਰ ਲੀਡਰਸ਼ਿਪ ਨੇ ਫਿਲਹਾਲ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਤੋਂ ਇਨਕਾਰ ਕੀਤਾ ਹੈ। ਵਿਜੇ ਰੂਪਾਨੀ, ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਸੀਨੀਅਰ ਆਗੂਆਂ ਨੇ ਸਪੱਸ਼ਟ ਕਿਹਾ ਕਿ 2024 ਵਿੱਚ ਭਾਜਪਾ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਇਸ ਤੋਂ ਬਾਅਦ ਵੀ ਭਾਜਪਾ 117 ਵਿਧਾਨ ਸਭਾ ਸੀਟਾਂ ਲਈ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਭਾਜਪਾ ਨੂੰ ਪੰਜਾਬ ਵਿੱਚ ਕਿਸੇ ਨਾਲ ਵੀ ਗਠਜੋੜ ਨਹੀਂ ਕਰਨਾ ਚਾਹੀਦਾ। ਲੋਕਾਂ ਤੱਕ ਸਿੱਧੀ ਪਹੁੰਚ ਕੀਤੀ ਜਾਵੇ ਅਤੇ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ।