ਅੰਮ੍ਰਿਤਸਰ: ਪਟਨਾ ਸਾਹਿਬ ਵਿਵਾਦ ‘ਤੇ ਇਕ ਅਹਿਮ ਫੈਸਲਾ ਲਿਆ ਜਾ ਚੁੱਕਾ ਹੈ ਅਤੇ ਇਹ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਾਰੀ ਸੰਗਤ ਦੀ ਹਾਜ਼ਰੀ ਵਿਚ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤਾ ਗਿਆ ਹੈ। ਦਰਅਸਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਨੂੰ ਤਲਬ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਬੰਸ ਸਿੰਘ, ਚਰਨਜੀਤ ਸਿੰਘ, ਗੋਬਿੰਦ ਸਿੰਘ ਲੌਂਗੋਵਾਲ, ਜਗਜੋਤ ਸਿੰਘ ਸੋਹੀ, ਇੰਦਰਜੀਤ ਸਿੰਘ, ਗੁਰਿੰਦਰ ਸਿੰਘ, ਲਖਵਿੰਦਰ ਸਿੰਘ, ਮਹਿੰਦਰਪਾਲ ਸਿੰਘ ਢਿੱਲੋਂ, ਰਾਜਾ ਸਿੰਘ ਪੇਸ਼ ਹਏ ਹਨ। ਇੰਦਰਜੀਤ ਸਿੰਘ ਤੇ ਹਰਬੰਸ ਸਿੰਘ ਨੂੰ ਤਨਖ਼ਾਹੀਆ ਹੋਣ ਕਾਰਨ ਵਾਪਸ ਭੇਜ ਦਿੱਤਾ ਹੈ।
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਸਾਬਕਾ ਜਥੇਦਾਰ ਇਕਬਾਲ ਸਿੰਘ ਸਣੇ ਮਹਿੰਦਰ ਸਿੰਘ ਢਿੱਲੋਂ, ਰਾਜਾ ਸਿੰਘ ਤੇ ਇੰਦਰਜੀਤ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੈ, ਜਿਸ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਮਹਿੰਦਰ ਸਿੰਘ, ਰਾਜਾ ਸਿੰਘ ਅਤੇ ਇੰਦਰਜੀਤ ਸਿੰਘ ਨੂੰ 5 ਦਿਨ ਲਈ ਤਨਖ਼ਾਹੀਆ ਕਰਾਰ ਦਿੱਤਾ ਹੈ। ਜਿਸ ਦੇ ਬਾਅਦ ਉਹ ਪਟਨਾ ਸਾਹਿਬ ਇਕ ਘੰਟਾ ਜੁੱਤੀਆਂ ਦੀ ਝਾੜ-ਪੂੰਝ ਦੀ ਸੇਵਾ ਕਰਨਗੇ ਅਤੇ ਇਕ ਘੰਟਾ ਬਰਤਨ ਸਾਫ਼ ਕਰਨਗੇ। ਇਸ ਤੋਂ ਇਲਾਵਾ ਇਕ ਘੰਟਾ ਸਵੇਰੇ ਕੀਰਤਨ ਵੀ ਸਰਵਨ ਕਰਨਗੇ। ਇਸ ਉਪਰੰਤ ਅਰਦਾਸ ਕਰਕੇ ਪੰਜ ਸਿੰਘ ਸਾਹਿਬਾਨਾਂ ਨੂੰ ਪੱਤਰ ਲਿਖ ਕੇ ਭੇਜਣਗੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਹ ਫ਼ੈਸਲਾ ਪਟਨਾ ਸਾਹਿਬ ਬੋਰਡ ਦੇ ਮੈਂਬਰਾਂ ਨੇ ਸਵੀਕਾਰ ਕੀਤਾ।
ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਬੋਰਡ ਦੇ ਮੈਂਬਰਾਂ ਨੂੰ ਆਦੇਸ਼ ਦਿੱਤਾ ਗਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਤੋਂ ਬਾਅਦ 15 ਜਨਵਰੀ ਤੋਂ ਪਹਿਲਾਂ-ਪਹਿਲਾਂ ਪਟਨਾ ਸਾਹਿਬ ਦੀ ਕਮੇਟੀ ਆਪਣੀ ਨਵੀਂ ਚੋਣ ਕਰੇ। ਇਸਦੇ ਨਾਲ ਉਨ੍ਹਾਂ ਕਿਹਾ ਕਿ ਜੋ ਬੋਰਡ ਦੀ ਕਮੇਟੀ ਦੇ ਮੈਂਬਰ ਸਮੀਖਿਆ ਕਰਨ ਅਤੇ ਜੋ ਗੈਰ ਸੰਵਿਧਾਨਕ ਕੰਮ ਹੋਏ ਹਨ, ਉਨ੍ਹਾਂ ਨੂੰ ਰੱਦ ਕਰਨ। ਉਨ੍ਹਾਂ ਅੱਗੇ ਕਿਹਾ ਕਿ ਰਣਜੀਤ ਸਿੰਘ ਗੌਹਰ ਦੀਆਂ ਸੇਵਾਵਾਂ ਵੀ ਤੁਰੰਤ ਰੱਦ ਕੀਤੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਪਤਾ ਲੱਗਾ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੁਲਾਜ਼ਮ ਤੰਬਾਕੂ ਦਾ ਸੇਵਨ ਕਰਦੇ ਹਨ, ਉਨ੍ਹਾਂ ਮੁਲਾਜ਼ਮਾਂ ਦਾ ਵੀ ਡੋਪ ਟੈਸਟ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨਾ ਮੰਨਣ ‘ਤੇ ਅੱਜ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ।
ਜ਼ਿਕਰਯੋਗ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਮਾਮਲਾ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚੇ। ਗਿਆਨੀ ਰਣਜੀਤ ਸਿੰਘ ‘ਤੇ ਲੱਗੇ ਦੋਸ਼ਾਂ ਤੋਂ ਬਾਅਦ ਗਿਆਨੀ ਰਣਜੀਤ ਸਿੰਘ ਦੀਆਂ ਸੇਵਾਵਾਂ ‘ਤੇ ਰੋਕ ਲਗਾ ਦਿੱਤੀ ਸੀ। ਗਿਆਨੀ ਇਕਬਾਲ ਸਿੰਘ ਨੂੰ ਪੰਜ ਮੈਂਬਰਾਂ ਨੇ ਇਕੱਤਰਤਾ ਕਰਕੇ ਮੁੜ ਜਥੇਦਾਰ ਲਗਾ ਦਿੱਤਾ ਸੀ। ਜਿਸ ਤੋਂ ਬਾਅਦ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਬੋਰਡ ਮੈਂਬਰਾਂ ਨੂੰ 6 ਦਸੰਬਰ ਨੂੰ ਤਲਬ ਕੀਤਾ ਸੀ।