ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਜਲੰਧਰ ਵੈਸਟ ਤੋਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤ ਵਿਖਾ ਦਿੱਤਾ ਹੈ। ਇਸ ਦੀ ਜਾਣਕਾਰੀ ਪੰਜਾਬ ਕਾਂਗਰਸ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ।
ਉਥੇ ਹੀ ਇਹ ਵੀ ਚਰਚਾਵਾਂ ਚੱਲ ਰਹੀਆਂ ਹਨ ਕਿ ਕਾਂਗਰਸ ‘ਚੋਂ ਬਾਹਰ ਹੋਣ ਤੋਂ ਬਾਅਦ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ‘ਆਪ’ ਵਿਚ ਸ਼ਾਮਲ ਹੋ ਸਕਦੇ ਹਨ। ਉਹਨਾਂ ਨੂੰ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਾਮ ਨੂੰ ਫਗਵਾੜਾ ਵਿਖੇ ਪਾਰਟੀ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ। ਇਹ ਵੀ ਉਮੀਦਾਂ ਹਨ ਕਿ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਪਾਰਟੀ ਆਪਣਾ ਉਮੀਦਵਾਰ ਬਣਾਉਣ ਜਾ ਰਹੀ ਹੈ। ਇਸ ਦਾ ਰਸਮੀ ਐਲਾਨ ਜਲਦ ਹੀ ਹੋਣ ਵਾਲਾ ਹੈ।
ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦੇ ਦਿਲ ਦਾ ਦੌਰਾ ਪੈਣ ਕਾਰਨ ਹੋਏ ਦਿਹਾਂਤ ਮਗਰੋਂ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦਾ ਨਤੀਜਾ ਐਲਾਨਿਆ ਜਾਵੇਗਾ। ਯਾਦ ਰਹੇ ਕਿ ਕਾਂਗਰਸ ਵੱਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਇਥੋਂ ਉਮੀਦਵਾਰ ਐਲਾਨਿਆ ਗਿਆ ਹੈ। ਜਦਕਿ ਅਕਾਲੀ ਦਲ ਅਤੇ ਭਾਜਪਾ ਵਲੋਂ ਅਜੇ ਤਕ ਆਪਣੇ ਪੱਤੇ ਨਹੀਂ ਖੋਲ੍ਹੇ ਗਏ ਹਨ।