‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਉਹਨਾਂ ਦੇ ਹਰ ਸਮਰਥਕ ਅਤੇ ਸਾਥੀ ‘ਤੇ ਨਜ਼ਰ ਰੱਖ ਰਹੀ ਹੈ। ਇਥੋਂ ਤੱਕ ਕਿ ਸ਼ੱਕ ਦੇ ਘੇਰੇ ‘ਚ ਆਉਣ ਵਾਲੇ ਹਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਬੀਤੇ ਕੁਝ ਦਿਨਾਂ ਤੋਂ ਅੰਮ੍ਰਿਤਪਾਲ ਸਿੰਘ ਖਿਲਾਫ਼ ਕਾਰਵਾਈ ਕਰਨ ਲਈ ਪੁਲਿਸ ਵਲੋਂ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਇਹ ਖ਼ਬਰ ਸਾਹਮਣੇ ਆਈ ਹੈ ਪੁਲਿਸ ਨੇ ਜਾਂਚ-ਪੜਤਾਲ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤੇ 360 ਸਿੱਖ ਨੌਜਵਾਨਾਂ ਵਿਚੋਂ 348 ਨੌਜਵਾਨ ਰਿਹਾਅ ਕਰ ਦਿੱਤੇ ਹਨ।
ਧਾਰਾ 107 /151 ਤਹਿਤ ਗ੍ਰਿਫਤਾਰ ਕੀਤੇ ਗਏ 360 ਸਿੱਖ ਨੌਜਵਾਨਾਂ ਵਿਚੋਂ 348 ਨੌਜਵਾਨ ਰਿਹਾਅ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਸਰਕਾਰ ਪੱਧਰ ਉਤੇ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਦਿੱਤੀ ਗਈ ਹੈ। ਦੱਸ ਦਈਏ ਕਿ ਅਕਾਲ ਤਖਤ ਦੇ ਜਥੇਦਾਰ ਵੱਲੋਂ 24 ਘੰਟਿਆਂ ਵਿਚ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕਰਨ ਲਈ ਦਿੱਤੇ ਗਏ ਅਲਟੀਮੇਟਮ ਸਮੇਂ ਕੌਮੀ ਸੁਰੱਖਿਆ ਐਕਟ ਨੂੰ ਹਟਾਉਣ ਲਈ ਵੀ ਆਖਿਆ ਗਿਆ ਸੀ।