ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਤੋਂ ਬਾਅਦ ਪੰਜਾਬ ਦੇ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ ਜਿਸ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ 27 ਅਪ੍ਰੈਲ ਨੂੰ ਸਰਕਾਰੀ ਛੁੱਟੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ ਅਤੇ ਮੰਗਲਵਾਰ ਦੇਰ ਸ਼ਾਮ ਨੂੰ ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਉਹ ਪਿਛਲੇ ਬੁੱਧਵਾਰ ਤੋਂ ਹਸਪਤਾਲ ਦੇ ਮੈਡੀਕਲ ਆਈਸੀਯੂ ਵਿੱਚ ਦਾਖ਼ਲ ਸਨ। ਕੁਝ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋ ਰਹੀ ਸੀ।
ਕੱਲ੍ਹ ਵੀਰਵਾਰ ਨੂੰ ਸੂਬੇ ਦੇ ਸਾਰੇ ਸਰਕਾਰੀ ਦਫਤਰ, ਬੋਰਡ, ਕਾਰਪੋਰੇਸ਼ਨਾਂ ਤੇ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਉਧਰ, ਦੂਜੇ ਪਾਸੇ ਕੇਂਦਰ ਸਰਕਾਰ ਨੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ ਕੋਈ ਵੀ ਮਨੋਰੰਜਨ ਦੇ ਸਰਕਾਰੀ ਪ੍ਰੋਗਰਾਮ ਨਹੀਂ ਹੋਣਗੇ। ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਬਾਦਲ ਦੀ ਸਰਪੰਚੀ ਤੋਂ ਆਪਣਾ ਸਿਆਸੀ ਜੀਵਨ ਸ਼ੁਰੂ ਕੀਤਾ। ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਵੱਡੇ ਬਾਦਲ ਪੰਜ ਵਾਰ ਸੂਬੇ ਦੇ ਮੁੱਖ ਮੰਤਰੀ ਰਹੇ। ਉਹ ਲੰਬਾ ਸਮਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੀ ਰਹੇ ਪਰ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਨੇ ਇਹ ਜ਼ਿੰਮੇਵਾਰੀ ਆਪਣੇ ਪੁੱਤਰ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੀ ਸੀ।