ਪੰਜਾਬ ਕਾਂਗਰਸ ਨੇ ‘ਆਪ’ ਦੀ ਮਾਨ ਸਰਕਾਰ ਨੂੰ ਕਿਸਾਨ ਵਿਰੋਧੀ ਕਰਾਰ ਦਿੰਦੇ ਹੋਏ ਨਿਸ਼ਾਨਾ ਸਾਧਿਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਿੱਚ ਹਿਟਲਰ ਦੀ ਆਤਮਾ ਆ ਚੁੱਕੀ ਹੈ। ਉਨ੍ਹਾਂ ਲੌਂਗੋਵਾਲ ਵਿੱਚ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਲਈ ਵੀ ਸੀਐਮ ਮਾਨ ਨੂੰ ਜ਼ਿੰਮੇਵਾਰ ਦੱਸਿਆ। ਬਾਜਵਾ ਨੇ ਕਿਸਾਨਾਂ ‘ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਨਾਲ ਹੀ ਕਿਹਾ ਕਿ ਕਾਂਗਰਸ ਇਸ ਘਟਨਾ ਦੀ ਨਿੰਦਾ ਕਰਦੀ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਇਸ ਮਾਮਲੇ ਦਾ ਖੁਦ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਹਾਈਕੋਰਟ ਤੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖ਼ਿਲਾਫ਼ ਕਤਲ ਦੀ ਧਾਰਾ ਤਹਿਤ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ। ਇਸ ਦੇ ਨਾਲ ਹੀ ਹੋਰ ਪੁਲਿਸ ਅਧਿਕਾਰੀਆਂ ਨੂੰ ਵੀ ਸਹਿ ਦੋਸ਼ੀ ਬਣਾ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ।
ਦਸ ਦਈਏ ਕਿ ਮੁਹਾਲੀ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀਆਂ ਵੱਲੋਂ ਪੰਚਾਇਤਾਂ ਨੂੰ ਸਮੇਂ ਤੋਂ ਪਹਿਲਾਂ ਭੰਗ ਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਵੜਿੰਗ ਨੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ। ਪੰਚਾਇਤੀ ਰਾਜ ਵਿਭਾਗ ਹੇਠਾਂ ਅਤੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਕਾਂਗਰਸ ਪਾਰਟੀ ਦੇ ਵਿਧਾਇਕ, ਆਗੂ ਅਤੇ ਵਰਕਰ ਮੀਂਹ ਦੌਰਾਨ ਵੀ ਰੋਸ ਪ੍ਰਦਰਸ਼ਨ ਕਰਦੇ ਰਹੇ। ਪ੍ਰਤਾਪ ਬਾਜਵਾ ਇਸੇ ਪ੍ਰਦਰਸ਼ਨ ਦੌਰਾਨ ਬੋਲਦੇ ਹੋਏ ਮੁੱਖ ਮੰਤਰੀ ‘ਤੇ ਨਿਸ਼ਾਨੇ ਸਾਧੇ। ਇੰਨਾ ਹੀ ਨਹੀਂ ਸਾਲਾਂ ਤੋਂ ਕਾਂਗਰਸ ‘ਚ ਵੱਡੇ ਅਹੁਦੇ ਸੰਭਾਲਣ ਤੋਂ ਬਾਅਦ ਹੁਣ ਭਾਜਪਾ ‘ਚ ਸ਼ਾਮਲ ਹੋਏ ਸੁਨੀਲ ਜਾਖੜ ਅਤੇ ਮਨਪ੍ਰੀਤ ਸਿੰਘ ਬਾਦਲ ਨੂੰ ਵੀ ਪ੍ਰਤਾਪ ਸਿੰਘ ਬਾਜਵਾ ਨੇ ਆੜੇ ਹੱਥੀ ਲਿਆ ਹੈ। ਮਨਪ੍ਰੀਤ ਬਾਦਲ ‘ਤੇ ਨਿਸ਼ਾਨੇ ਸਾਧਦਿਆਂ ਬਾਜਵਾ ਨੇ ਕਿਹਾ ਕਿ ਇਹ ਉਹ ਵਿਅਕਤੀ ਹੈ ਜਿਸਨੇ ਪਹਿਲਾਂ ਅਕਾਲੀ ਦਲ ਦਾ ਭੋਗ ਪਾਇਆ ਅਤੇ ਫਿਰ ਸਾਡੀ ਪਾਰਟੀ ਦਾ ਭੋਗ ਪਾਕੇ ਗਏ ਹੈ। ਉਹਨਾਂ ਕਿਹਾ ਕਿ ਭਾਜਪਾ ਦੀ ਇਕ ਖ਼ੂਬਸੁਰਤ ਪਹਿਚਾਣ ਮਨਪ੍ਰੀਤ ਬਾਦਲ ਅਤੇ ਸੁਨੀਲ ਜਾਖੜ ਹੈ। ਇਸ ਦੌਰਾਨ ਬਾਜਵਾ ਨੇ ਜਾਖੜ ਨੂੰ ਚੈਲੰਜ ਕਰਦਿਆਂ ਕਿਹਾ ਕਿ ਉਹ ਗੁਰਸਾਸਪੁਰ ਤੋਂ ਲੋਕ ਸਭਾ ਚੋਣਾਂ ਲੜੇ।