ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੌਮੀ ਇਨਸਾਫ਼ ਮੋਰਚਾ ਚੱਲ ਰਿਹਾ ਹੈ। ਇਸ ਦਰਮਿਆਨ ਬੀਤੇ ਕੱਲ੍ਹ ਮੋਰਚੇ ਦੇ ਆਗੂਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਰਿਹਾਇਸ਼ ਵੱਲ ਕੂਚ ਕਰਨ ਦੀ ਇਕ ਵਾਰ ਫੇਰ ਕੋਸ਼ਿਸ਼ ਕੀਤੀ ਗਈ ਸੀ। ਜਿਸ ਕਾਰਨ ਮਾਹੌਲ ਕਾਫੀ ਜ਼ਿਆਦਾ ਤਣਾਅਪੂਰਨ ਹੋ ਗਿਆ ਸੀ ਅਤੇ ਪੁਲਿਸ-ਪ੍ਰਦਰਸ਼ਨਕਾਰੀ ਆਹਮੋ-ਸਾਹਮਣੇ ਹੁੰਦੇ ਵਿਖਾਈ ਦਿੱਤੇ। ਮਾਮਲਾ ਇੰਨਾ ਜ਼ਿਆਦਾ ਵਿਗੜ ਗਿਆ ਕਿ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋ ਗਈ।
ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਹੋਈ ਝੜਪ ਤੋਂ ਬਾਅਦ ਕੌਮੀ ਇਨਸਾਫ਼ ਮੋਰਚੇ ਵੱਲੋਂ ਇਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿਚ ਭਾਈ ਗੁਰਚਰਨ ਸਿੰਘ ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਇਹ ਧਰਨਾ ਲਗਾਇਆ ਗਿਆ ਸੀ। ਉਨ੍ਹਾਂ ਨੇ ਕਿਹਾ ਹੈ ਕਿ 31 ਮੈਂਬਰਾਂ ਦੇ ਜਥੇ ਨੇ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਰੋਸ ਪ੍ਰਦਰਸ਼ਨ ਕਰਨਾ ਸੀ। ਉਨ੍ਹਾਂ ਨੇ ਕਿਹਾ ਹੈ ਕਿ 31 ਮੈਂਬਰਾਂ ਵਿੱਚ ਬਜ਼ੁਰਗ ਸਨ ਉਨ੍ਹਾਂ ਉਤੇ ਪੱਥਰ ਮਾਰੇ ਗਏ ਅਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਨੇ ਗੰਦੇ ਪਾਣੀਆਂ ਦੀਆਂ ਬੁਛਾੜਾ ਮਾਰੀਆ।
ਇਸ ਦਰਮਿਆਨ ਉਨ੍ਹਾਂ ਕਿਹਾ ਹੈ ਕਿ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਦੀ ਝੜਪ ਦੌਰਾਨ ਮੀਡੀਆ ਕਰਮੀਆ ਦੇ ਵੀ ਸੱਟਾ ਲੱਗੀਆਂ ਹਨ ਜੋ ਕਿ ਬਹੁਤ ਮੰਦਭਾਗਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਦੇ ਰਵੱਈਆ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਇਲਜ਼ਾਮ ਲਗਾਏ ਹਨ ਕਿ ਪੁਲਿਸ ਪ੍ਰਸ਼ਾਸਨ, ਮੋਰਚੇ ਨੂੰ ਖਤਮ ਕਰਨਾ ਚਾਹੁੰਦਾ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਜਥੇ ਉੱਤੇ ਹਮਲਾ ਕੀਤਾ ਗਿਆ।
ਦਸਣਯੋਗ ਹੈ ਕਿ ਬੀਤੇ ਕੱਲ੍ਹ ਵਾਪਰੀ ਇਸ ਅਣਸੁਖਾਵੀਂ ਘਟਨਾ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਇਸ ਸਬੰਧੀ ਪੀ.ਐਸ.36 ਵਿਖੇ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਵੀ ਦਰਜ ਕੀਤੀ ਜਾ ਰਹੀ ਹੈ, ਜਿਸ ਵਿਚ ਮੋਰਚੇ ਦੇ ਕਈ ਆਗੂ ਸ਼ਾਮਲ ਹਨ।