5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ‘ਚ ਪਾਈ ਗਈ ਅਣਗਹਿਲੀ ਨੂੰ ਲੈਕੇ ਮੁੜ ਤੋਂ ਮਾਮਲਾ ਗਰਮਾਉਂਦਾ ਹੁੰਦਾ ਵਿਖਾਈ ਦੇ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹੁਣ ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈਕੇ ਜਲਦ ਹੀ 9 ਸੀਨੀਅਰ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰ ਸਕਦੀ ਹੈ। ਉਂਝ ਫਿਲਹਾਲ ਇਸ ਬਾਰੇ ਆਖਰੀ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਲੈਣਾ ਹੈ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਪਹੁੰਚੇ ਸੀ, ਇਸ ਦੌਰਾਨ ਉਹਨਾਂ ਦੀ ਸੁਰੱਖਿਆ ‘ਚ ਕੁਤਾਹੀ ਹੋਈ ਸੀ। ਕਿਸਾਨਾਂ ਦੇ ਧਰਨਿਆਂ ਕਰਕੇ ਪ੍ਰਧਾਨ ਮੰਤਰੀ ਦਾ ਕਾਫਲਾ ਕਾਫੀ ਸਮਾਂ ਹਾਈਵੇਅ ਉੱਪਰ ਹੀ ਫਸਿਆ ਰਿਹਾ। ਇਸ ਮਗਰੋਂ ਪੀਐਮ ਮੋਦੀ ਨੂੰ ਰੈਲੀ ਵਿੱਚ ਸ਼ਾਮਲ ਹੋਣ ਤੋਂ ਬਗੈਰ ਹੀ ਵਾਪਸ ਪਰਤਣਾ ਪਿਆ ਸੀ।
ਇਸ ਮਗਰੋਂ ਇਹ ਮਾਮਲਾ ਗਰਮਾ ਗਿਆ ਸੀ। ਉਸ ਵੇਲੇ ਦੀ ਕਾਂਗਰਸ ਸਰਕਾਰ ਉੱਪਰ ਸਾਜਿਸ਼ ਦੇ ਇਲਜ਼ਾਮ ਲੱਗੇ ਸੀ। ਇਸ ਮਗਰੋਂ ਜਾਂਚ ਲਈ ਸੁਪਰੀਮ ਕੋਰਟ ਦੇ ਹੁਕਮਾਂ ’ਤੇ (ਸੇਵਾਮੁਕਤ) ਜਸਟਿਸ ਇੰਦੂ ਮਲਹੋਤਰਾ ਕਮੇਟੀ ਦੀ ਅਗਵਾਈ ਹੇਠ ਕਮੇਟੀ ਬਣਾਈ ਗਈ ਸੀ। ਹੁਣ ਇਸ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਤਤਕਾਲੀ ਪੰਜਾਬ ਸਰਕਾਰ ਦੇ 9 ਸੀਨੀਅਰ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ। ਸੂਤਰਾਂ ਮੁਤਾਬਕ ਰਿਪੋਰਟ ਦੇ ਆਧਾਰ ‘ਤੇ ਡਿਊਟੀ ਪ੍ਰਤੀ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ। ਹੁਣ ਅਗਲੀ ਕਾਰਵਾਈ ਲਈ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਲਾਪ੍ਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਚਾਰਜਸ਼ੀਟ ਤਿਆਰ ਕੀਤੀ ਗਈ ਹੈ। ਇਥੇ ਇਹ ਵੀ ਦਸਣਾ ਬਣਦਾ ਹੈ ਕਿ ਤਿੰਨ ਦਿਨ ਪਹਿਲਾਂ ਕੇਂਦਰ ਨੇ ਪੰਜਾਬ ਸਰਕਾਰ ਤੋਂ ਕਾਰਵਾਈ ਦੀ ਰਿਪੋਰਟ ਮੰਗੀ ਸੀ। ਜਿਸ ਤੋਂ ਬਾਅਦ ਹੁਣ PM ਸੁਰੱਖਿਆ ਮਾਮਲੇ ‘ਚ ਜਵਾਬ ਦੇਣ ਲਈ ਪੰਜਾਬ ਸਰਕਾਰ ਨੇ ਰਿਪੋਰਟ ਤਿਆਰ ਕਰ ਲਈ ਹੈ। ਸਿਰਫ਼ ਮੁੱਖ ਮੰਤਰੀ ਭਗਵੰਤ ਮਾਨ ਦੀ ਮਨਜ਼ੂਰੀ ਮਿਲਣੀ ਬਾਕੀ ਹੈ।